Punjab News: ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਜਿੱਤ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਘੇਰਨ ਲਈ ਪੂਰੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਸਿਆਸੀ ਮੈਦਾਨ ਵਿੱਚ ਉਤਰ ਚੁੱਕੇ ਹਨ ਅਤੇ ਭਾਜਪਾ ਸਮੇਤ ਹੋਰਨਾਂ ਪਾਰਟੀਆਂ ਨੂੰ ਹਰਾਉਣ ਲਈ ਜ਼ੋਰਦਾਰ ਕੋਸ਼ਿਸ਼ਾਂ ਕਰ ਰਹੇ ਹਨ।


ਜਲੰਧਰ 'ਚ ਰੋਡ ਸ਼ੋਅ 


ਕੇਜਰੀਵਾਲ ਅੱਜ ਜਲੰਧਰ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਰੋਡ ਸ਼ੋਅ ਕਰਨ ਜਾ ਰਹੇ ਹਨ। ਇਸ ਰੋਡ ਸ਼ੋਅ ਦੀ ਮਦਦ ਨਾਲ ਆਮ ਆਦਮੀ ਪਾਰਟੀ ਸ਼ਹਿਰ ਦੇ ਲੋਕਾਂ ਨੂੰ ਜੋੜਨ ਦਾ ਯਤਨ ਕਰੇਗੀ। ਤਾਂ ਜੋ ਬੀਜੇਪੀ ਨੂੰ ਕਮਜ਼ੋਰ ਕੀਤਾ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਲੋਕ ਸਭਾ ਚੋਣਾਂ ਲਈ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ 'ਚ ਕੇਜਰੀਵਾਲ ਦੋ ਦਿਨ ਜਲੰਧਰ 'ਚ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਇਸ ਸੀਟ 'ਤੇ ਚੋਣ ਜਿੱਤਣਾ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਕਿਉਂਕਿ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਸੰਗਰੂਰ ਸੀਟ 'ਤੇ ਜ਼ਿਮਨੀ ਚੋਣ ਹਾਰ ਗਈ ਹੈ, ਅਜਿਹੇ 'ਚ ਇਸ ਵਾਰ ਉਸ ਨੇ ਭਾਜਪਾ ਨੂੰ ਹਰਾਉਣ ਦੀ ਪੂਰੀ ਤਿਆਰੀ ਕਰ ਲਈ ਹੈ।


ਲੋਕਸਭਾ ਚੋਣ ਸੈਮੀਫਾਈਨਲ


ਦੂਜੇ ਪਾਸੇ ਭਾਜਪਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੋਕ ਸਭਾ ਚੋਣਾਂ ਦਾ ਸੈਮੀਫਾਈਨਲ ਮੰਨ ਰਹੀ ਹੈ। ਇਸ ਸੰਦਰਭ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਗਈ ਹੈ। ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਨੇ ਚੋਣਾਂ ਦੀ ਪੂਰੀ ਕਮਾਂਡ ਸੰਭਾਲ ਲਈ ਹੈ, ਜਦਕਿ ਭਾਜਪਾ ਦੇ ਉਪ ਪ੍ਰਧਾਨ ਸੌਦਾਨ ਸਿੰਘ ਅਤੇ ਯੂਪੀ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਰਣਨੀਤੀ ਤਿਆਰ ਕਰਨ ਵਿੱਚ ਲੱਗੇ ਹੋਏ ਹਨ। ਇਸ ਰਣਨੀਤੀ ਤਹਿਤ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਹਰਦੀਪ ਪੁਰੀ, ਸਮ੍ਰਿਤੀ ਇਰਾਨੀ, ਗਜੇਂਦਰ ਸ਼ੇਖਾਵਤ ਨੂੰ ਵੀ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿੱਥੇ ਮੰਤਰੀ ਸਮ੍ਰਿਤੀ ਇਰਾਨੀ ਖੁਦ ਬਾਜ਼ਾਰ ਦੀਆਂ ਤੰਗ ਗਲੀਆਂ 'ਚ ਚੋਣ ਪ੍ਰਚਾਰ ਲਈ ਨਿਕਲੀਆਂ ਹਨ, ਉੱਥੇ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਸੋਸ਼ਲ ਮੀਡੀਆ ਦੀ ਕਮਾਨ ਸੌਂਪੀ ਗਈ ਹੈ। ਹਰ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਨ ਦੇ ਯਤਨ ਕੀਤੇ ਜਾ ਰਹੇ ਹਨ।


ਦੱਸ ਦੇਈਏ ਕਿ 10 ਮਈ ਨੂੰ ਜਲੰਧਰ ਲੋਕ ਸਭਾ ਸੀਟ 'ਤੇ ਉਪ ਚੋਣ ਹੋਣੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋਈ ਸੀ। ਸੰਤੋਖ ਸਿੰਘ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ 14 ਜਨਵਰੀ ਨੂੰ ਦਿਲ ਦਾ ਦੌਰਾ ਪਿਆ ਸੀ।