Punjab News : ਜਲੰਧਰ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹੁਣ ਰਾਮ ਰਹੀਮ ਦੀ ਤਰਫੋਂ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਰਾਮ ਰਹੀਮ ਵਾਪਿਸ ਸੁਨਾਰੀਆ ਜੇਲ ਚਲਾ ਗਿਆ ਹੈ।

 


 

ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼


ਰਾਮ ਰਹੀਮ ਦੀ ਤਰਫੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਗੁਰੂ ਰਵਿਦਾਸ ਟਾਈਗਰ ਫੋਰਸ ਨਾਂ ਦੀ ਸੰਸਥਾ ਦੇ ਮੁਖੀ ਦੀ ਸ਼ਿਕਾਇਤ 'ਤੇ ਉਸ ਖਿਲਾਫ 7 ਮਾਰਚ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਐੱਫ.ਆਈ.ਆਰ.ਦਰਜ ਕੀਤੀ ਗਈ ਹੈ। ਰਾਮ ਰਹੀਮ ਖਿਲਾਫ ਦਰਜ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਰਾਮ ਰਹੀਮ ਨੇ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ 'ਤੇ ਵਿਵਾਦਿਤ ਟਿੱਪਣੀਆਂ ਕੀਤੀਆਂ ਹਨ, ਜਿਸ ਕਾਰਨ ਦੋਵਾਂ ਭਾਈਚਾਰਿਆਂ 'ਚ ਗੁੱਸਾ ਹੈ। ਇਸ ਸ਼ਿਕਾਇਤ 'ਚ ਰਾਮ ਰਹੀਮ ਦੇ ਉਸ ਵੀਡੀਓ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ 'ਚ ਉਹ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ ਦੀ ਕਥਾ ਸੁਣਾਉਂਦੇ ਨਜ਼ਰ ਆ ਰਹੇ ਹਨ।

 



ਪੰਜਾਬ-ਹਰਿਆਣਾ ਹਾਈਕੋਰਟ 'ਚ ਡੇਰਾ ਮੁਖੀ ਰਾਮ ਰਹੀਮ ਦੀ ਤਰਫੋਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਿਸ ਕਥਾ ਨੂੰ ਲੈ ਕੇ ਉਸ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਹੈ, ਉਹ ਰਾਮ ਰਹੀਮ ਨੇ ਹੀ ਪੜ੍ਹੀ ਸੀ। ਵੀਡੀਓ ਨੂੰ ਪੂਰੀ ਤਰ੍ਹਾਂ ਦੇਖਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਸ 'ਚ ਕੁਝ ਵੀ ਗਲਤ ਨਹੀਂ ਹੈ। ਪਟੀਸ਼ਨ ਵਿੱਚ ਐਫਆਈਆਰ ਨੂੰ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਤੱਥਾਂ ਨੂੰ ਪੂਰੀ ਤਰ੍ਹਾਂ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।