Jalandhar News : ਪੰਜਾਬ 'ਚ ਭਾਰੀ ਮੀਂਹ ਕਾਰਨ ਜਲੰਧਰ ਜ਼ਿਲ੍ਹੇ ਦੇ ਫਿਲੌਰ ਅਤੇ ਸ਼ਾਹਕੋਟ ਦੇ ਸਕੂਲਾਂ 'ਚ ਅੱਜ ਛੁੱਟੀ ਰਹੇਗੀ। ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ 50 ਤੋਂ ਵੱਧ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਅਲਰਟ ਜਾਰੀ ਕਰ ਦਿੱਤਾ ਹੈ। ਡੀਸੀ ਵਿਸ਼ੇਸ਼ ਸਾਰੰਗਲ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਖੁਦ ਸਤਲੁਜ ਦਰਿਆ ਦੇ ਨਾਲ ਲੱਗਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਘਰ ਛੱਡਣ ਲਈ ਕਿਹਾ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅੱਜ ਫਿਲੌਰ ਅਤੇ ਸ਼ਾਹਕੋਟ ਸਬ-ਡਿਵੀਜ਼ਨਾਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ ਪੰਜਾਬ ਭਰ ਵਿੱਚ ਡੀਸੀ ਦਫ਼ਤਰ ਤੋਂ ਤਹਿਸੀਲਾਂ ਤੱਕ ਮਨਿਸਟੀਰੀਅਲ ਸਟਾਫ਼ ਦੀ ਹੜਤਾਲ ਵੀ ਮੁਲਤਵੀ ਕਰ ਦਿੱਤੀ ਗਈ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਸੂਬੇ ਭਰ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ 10 ਜੁਲਾਈ ਤੋਂ 12 ਜੁਲਾਈ ਤੱਕ ਦੀ ਹੜਤਾਲ ਖ਼ਤਮ ਕਰ ਦਿੱਤੀ ਹੈ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਅਧਿਕਾਰੀਆਂ ਨੇ ਇਹ ਫੈਸਲਾ ਲੋਕ ਹਿੱਤ ਵਿੱਚ ਲਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਭਾਰੀ ਮੀਂਹ ਕਾਰਨ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਰਕਾਰੀ ਸਕੂਲਾਂ/ਪਿੰਡਾਂ ਅਤੇ ਕਸਬਿਆਂ ਦੇ ਕਈ ਹਿੱਸੇ ਪਾਣੀ ਵਿਚ ਡੁੱਬ ਗਏ ਹਨ। ਹੜ੍ਹਾਂ ਵਰਗੀ ਸਥਿਤੀ ਕਾਰਨ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਆਉਣ ਦੇ ਖਦਸ਼ੇ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸ਼ਾਹਕੋਟ ਅਤੇ ਫਿਲੌਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਇਸ ਲਈ 01812224417 ਪਹਿਲਾਂ ਹੀ ਸਥਾਪਿਤ ਕੀਤਾ ਹੈ। ਇਹ ਨੰਬਰ ਲੋਕਾਂ ਨੂੰ 24 ਘੰਟੇ ਉਪਲਬਧ ਹੋਵੇਗਾ। ਹੜ੍ਹ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਲੋਕ ਇਸ ਨੰਬਰ 'ਤੇ ਕਾਲ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।