Illegal Mining in Anandpur Sahib: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਬੀਤੇ ਦਿਨੀ ਏਬੀਪੀ ਨਿਊਜ਼ ਨੇ ਆਨੰਦਪੁਰ ਸਾਹਿਬ ਵਿੱਚ ਈਡੀ ਵੱਲੋਂ ਜ਼ਬਤ ਕੀਤੀ ਜ਼ਮੀਨ 'ਤੇ ਹੋ ਰਹੀ ਗ਼ੈਰ ਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਸਾਡੀ ਇਸ ਰਿਪੋਰਟ ਤੋਂ ਬਾਅਦ ਈਡੀ ਐਕਸ਼ਨ ਮੋਡ ਵਿੱਚ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ  ਪੰਜਾਬ ਵਿੱਚ ਤਸਕਰਾਂ ਤੋਂ ਜ਼ਬਤ ਕੀਤੀ ਜਾਇਦਾਦ ਦੀ ਜਾਂਚ ਕਰੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਜ਼ਬਤ ਕੀਤੀ ਗਈ ਜਾਇਦਾਦ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਹੈ।



 ਸੂਤਰਾਂ ਅਨੁਸਾਰ ਹਾਲ ਹੀ ਵਿੱਚ ਰੋਪੜ ਜ਼ਿਲ੍ਹੇ ਵਿੱਚ ਨਸ਼ਾ ਤਸਕਰ ਜਗਦੀਸ਼ ਭੋਲਾ ਦੀ ਜ਼ਮੀਨ ’ਤੇ ਨਾਜਾਇਜ਼ ਮਾਈਨਿੰਗ ਦੀ ਵਾਪਰੀ ਘਟਨਾ ਤੋਂ ਬਾਅਦ ਸਾਰੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਗਿਆ ਹੈ।  ਦਰਅਸਲ ਆਨੰਦਪੁਰ ਸਾਹਿਬ 'ਚ ਰੇਤ ਮਾਫ਼ੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤ ਕੀਤੀ ਹੋਈ ਜ਼ਮੀਨ 'ਤੇ ਹੀ ਗ਼ੈਰ ਕਾਨੂੰਨੀ ਮਾਈਨਿੰਗ ਕਰ ਦਿੱਤੀ ਹੈ।


ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ।  7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ 'ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ 'ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ 'ਚ ਮਾਈਨਿੰਗ ਕਰ ਰਿਹਾ ਹੈ। 



ਈਡੀ ਨੇ ਹੁਣ ਤੱਕ ਪੰਜਾਬ ਵਿੱਚ ਕਰੀਬ 51 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜੋ ਡਰੱਗਜ਼ ਦੇ ਪੈਸੇ ਨਾਲ ਖਰੀਦੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਕਈ ਸੰਪਤੀਆਂ ਦੀ ਮੌਜੂਦਾ ਸਥਿਤੀ ਬਾਰੇ ਈਡੀ ਕੋਲ ਕੋਈ ਅੱਪਡੇਟ ਨਹੀਂ ਹੈ, ਜੋ ਹੁਣ ਤਾਜ਼ਾ ਜਾਂਚ ਵਿੱਚ ਪਤਾ ਲੱਗੇਗਾ। ਦੱਸਿਆ ਜਾ ਰਿਹਾ ਹੈ ਕਿ ਈਡੀ ਨੂੰ ਸ਼ੱਕ ਹੈ ਕਿ ਇਸ ਤਰ੍ਹਾਂ ਦੀਆਂ ਹੋਰ ਵੀ ਕਈ ਜ਼ਬਤ ਕੀਤੀਆਂ ਜਾਇਦਾਦਾਂ ਨੂੰ ਖਤਮ ਨਹੀਂ ਕੀਤਾ ਜਾ ਰਿਹਾ ਹੈ। ਈਡੀ ਦਾ ਮੁੱਖ ਫੋਕਸ ਖੇਤੀ ਵਾਲੀ ਜ਼ਮੀਨ 'ਤੇ ਹੈ। ਮਾਲਵੇ ਅਤੇ ਦੁਆਬੇ ਵਿੱਚ ਸਮੱਗਲਰਾਂ ਤੋਂ ਜ਼ਬਤ ਕੀਤੀ ਜਾਇਦਾਦ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।



ਪੰਜਾਬ ਵਿੱਚ ਈਡੀ ਵੱਲੋਂ ਤਰਨਤਾਰਨ, ਮੁਕਤਸਰ ਅਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਤਰਨਤਾਰਨ 'ਚ ਕਰੀਬ 12 ਕਰੋੜ ਰੁਪਏ ਦੀਆਂ ਡੇਢ ਦਰਜਨ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਤੋਂ ਬਾਅਦ ਹੁਣ ਜਾਂਚ ਏਜੰਸੀਆਂ ਨੇ ਪੰਜਾਬ ਦੇ ਤਸਕਰਾਂ ਵੱਲੋਂ ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬਣਾਈਆਂ ਜਾਇਦਾਦਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੋਹਾਲੀ 'ਚ 1 ਲੱਖ 40 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।


 


ਇਹ ਵੀ ਪੜ੍ਹੋ : ਪੰਜਾਬ 'ਚ ਰੇਤ ਮਾਫ਼ੀਆ ਦਾ ਕਾਰਾ, ED ਦੀ ਜ਼ਬਤ ਕੀਤੀ ਜ਼ਮੀਨ 'ਤੇ ਹੀ ਕਰ ਰਹੇ ਗ਼ੈਰ ਕਾਨੂੰਨੀ ਮਾਈਨਿੰਗ, ABP News ਦੀ ਰਿਪੋਰਟ 'ਚ ਖੁਲਾਸੇ