Jalandhar by election: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਿਲਾ ਪੱਤਰਕਾਰ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੂਜੀਆਂ ਪਾਰਟੀਆਂ ਨਾਲੋਂ ਹਜ਼ਾਰ ਦਰਜੇ ਚੰਗੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੀ ਵੀ ਦੂਜੇ ਸੂਬਿਆਂ ਦੀਆਂ ਲੜਕੀਆਂ ਵਿਰੁੱਧ ਝੂਠਾ ਕੇਸ ਦਰਜ ਕਰਕੇ ਜੇਲ੍ਹਾਂ ’ਚ ਬੰਦ ਨਹੀਂ ਕੀਤਾ। 


ਰਾਜਾ ਵੜਿੰਗ ਨੇ ਕਿਹਾ ਕਿ ਆਮ ਲੋਕਾਂ ਦੀ ਗੱਲ ਕਰਨ ਵਾਲੇ ਅਰਵਿੰਦ ਕੇਜਰੀਵਾਲ ਦਾ 45 ਕਰੋੜ ਰੁਪਏ ਦਾ ਘਰ ਦਿਖਾਉਣ ਵਾਲੀ ਮਹਿਲਾ ਪੱਤਰਕਾਰ ਨੂੰ ਲੁਧਿਆਣਾ ਵਿੱਚ ਗ਼ਲਤ ਕੇਸ ਦਰਜ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਉਸ ਦਾ ਕਸੂਰ ਸਿਰਫ ਇਹ ਹੀ ਸੀ ਕਿ ਉਹ ਦਿੱਲੀ ਵਿੱਚ ਹੋ ਰਹੇ ਗਲਤ ਕੰਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੀ ਸੀ। 



ਦੱਸ ਦਈਏ ਕਿ ਲੁਧਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਪੱਤਰਕਾਰ ਭਾਵਨਾ ਕਿਸ਼ੋਰ ਨੂੰ ਸ਼ਨੀਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 8 ਮਈ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ ਹੁਕਮ ਜਸਟਿਸ ਅਗਸਟੀਨ ਜਾਰਜ ਮਸੀਹ ਨੇ ਵਿਸ਼ੇਸ਼ ਸੁਣਵਾਈ ਦੌਰਾਨ ਦਿੱਤੇ ਹਨ। 


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਭਾਵਨਾ ਕਿਸ਼ੋਰ ਤੇ ਦੋ ਹੋਰਾਂ ਖ਼ਿਲਾਫ਼ ਐਸਸੀ/ਐਸਟੀ (ਅੱਤਿਆਚਾਰ ਰੋਕੂ) ਐਕਟ ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਤੇ ਇਸ ਐਫਆਈਆਰ ਨੂੰ ਰੱਦ ਕਰਨ ਲਈ ਭਾਵਨਾ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 


ਉਸ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਸੀ ਉਹ ਜਿਸ ਨਿਊਜ਼ ਚੈਨਲ ਲਈ ਕੰਮ ਕਰ ਰਹੀ ਸੀ, ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ 45 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਰਿਹਾਇਸ਼ ਦੀ ਮੁਰੰਮਤ ਕਰਨ ਦਾ ਮਾਮਲਾ ਉਠਾਇਆ ਸੀ ਤੇ ਇਸ ਨਿਊਜ਼ ਚੈਨਲ ਨਾਲ ਕਿੜ ਕੱਢਣ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਹੈ ਪਰ ਉਹ ਇਸ ਮਾਮਲੇ ਵਿੱਚ ਨਿਰਦੋਸ਼ ਹੈ। ਇਸ ਤੋਂ ਪਹਿਲਾਂ ਐਡੀਟਰਜ਼ ਗਿਲਡ ਆਫ ਇੰਡੀਆ ਨੇ ਮਹਿਲਾ ਪੱਤਰਕਾਰ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।