Jalandhar Election: ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲ੍ਹੇ ਵਿੱਚ ਸਰਕਾਰੀ ਸਕੂਲ, ਕਾਲਜ ਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਗੱਲ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਹੀ ਗਈ ਹੈ। ਇਨ੍ਹਾਂ ਹੁਕਮਾਂ ਵਿੱਚ 10 ਜੁਲਾਈ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਇਸ ਲਈ ਹੋਇਆ ਹੈ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਏ ਹਨ।



ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਆਪੋ-ਆਪਣੇ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਵੱਡੇ ਆਗੂ ਪੱਛਮੀ ਹਲਕਾ ਛੱਡ ਗਏ ਹਨ। ਇਸ ਦੌਰਾਨ ਅੱਜ ਉਮੀਦਵਾਰ ਦੇ ਚਾਰ ਅਜਿਹੇ ਸਾਥੀ ਹੋਣਗੇ ਜੋ ਘਰ-ਘਰ ਪ੍ਰਚਾਰ ਕਰ ਸਕਣਗੇ। ਵਿਧਾਨ ਸਭਾ ਹਲਕੇ ਲਈ ਵੋਟਾਂ 10 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।


ਡੀਸੀ ਅਗਰਵਾਲ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਸਾਰੇ ਕਰਮਚਾਰੀ ਜੋ ਹਲਕੇ ਦੇ ਵੋਟਰ ਹਨ, ਇਸ ਵਿਸ਼ੇਸ਼ ਛੁੱਟੀ ਦੇ ਹੱਕਦਾਰ ਹਨ। ਇਸੇ ਤਰ੍ਹਾਂ ਵਪਾਰ, ਕਾਰੋਬਾਰ, ਉਦਯੋਗ, ਵਪਾਰਕ ਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ। 



ਦੱਸ ਦਈਏ ਕਿ ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚੋਂ 89,629 ਪੁਰਸ਼ ਤੇ 82,326 ਔਰਤਾਂ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਵਾਲੇ ਵੋਟਰ ਹਨ। ਕੁੱਲ 181 ਪੋਲਿੰਗ ਕੇਂਦਰ ਬਣਾਏ ਗਏ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।