Jalandhar Bypoll: ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਜਲੰਧਰ ਜ਼ਿਮਨੀ ਚੋਣ, ਦਲ ਬਦਲੀਆਂ, ਮੂਸੇਵਾਲਾ ਕਤਲ, ਮੰਤਰੀ ਦੀ ਵੀਡੀਓ ਤੇ...
Punjab Politics: ਜਲੰਧਰ ਜ਼ਿਮਨੀ ਚੋਣ 'ਚ ਜਿੱਤ ਲਈ ਸਾਰੀਆਂ ਪਾਰਟੀਆਂ ਨੇ ਸਿਰ ਤੋਂ ਪੈਰਾਂ ਤੱਕ ਯਤਨ ਕੀਤੇ ਹਨ। ਸਾਰੀਆਂ ਪਾਰਟੀਆਂ ਆਪੋ-ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। 8 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਦਾ ਰੌਲਾ ਰੁੱਕ ਜਾਵੇਗਾ।
Punjab News ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੱਲ ਰਿਹਾ ਚੋਣ ਪ੍ਰਚਾਰ 2 ਦਿਨਾਂ ਬਾਅਦ ਸ਼ਾਂਤ ਹੋ ਜਾਵੇਗਾ। ਯਾਨੀ 8 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਖਤਮ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਭਾਵੇਂ ਆਮ ਆਦਮੀ ਪਾਰਟੀ ਹੋਵੇ ਜਾਂ ਭਾਜਪਾ, ਕਾਂਗਰਸ ਹੋਵੇ ਜਾਂ ਬਸਪਾ-ਅਕਾਲੀ ਗਠਜੋੜ, ਸਭ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਹੈ। ਇਸ ਦੌਰਾਨ ਕਦੇ ਕੋਈ ਪਾਰਟੀ ਭਾਰੀ ਜਾਪਦੀ ਹੈ ਤੇ ਕਦੇ ਕਿਸੇ ਪਾਰਟੀ ਦੀ ਹਵਾ ਜ਼ਿਆਦਾ ਦਿਖਾਈ ਦਿੰਦੀ ਹੈ।
ਸਿੱਧੂ ਮੂਸੇਵਾਲਾ ਦਾ ਮੁੱਦਾ
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਇਨਸਾਫ਼ ਨਾ ਮਿਲਣ ਦਾ ਮੁੱਦਾ ਉਠਾਇਆ ਹੈ। ਜਲੰਧਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਬਾਜਵਾ ਨੇ ਕਿਹਾ ਕਿ ਆਖਿਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ। ਇਸ ਦੇ ਨਾਲ ਹੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇੱਕ ਜਨਤਕ ਮੀਟਿੰਗ ਦੌਰਾਨ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਮੂਸੇਵਾਲਾ ਨੂੰ 12 ਗੰਨਮੈਨ ਦਿੱਤੇ ਗਏ ਸਨ, ਪਰ 'ਆਪ' ਸਰਕਾਰ ਨੇ ਨਾ ਸਿਰਫ਼ ਵਾਪਸ ਲੈ ਲਏ, ਸਗੋਂ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਵੀ ਦਿੱਤੀ। ਜਿਸ ਕਾਰਨ ਨੌਜਵਾਨ ਪੁੱਤਰ ਦੀ ਮੌਤ ਹੋ ਗਈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸੱਤਾਧਾਰੀ ਧਿਰ ਦੇ ਖਿਲਾਫ਼ ਪ੍ਰਚਾਰ ਕਰ ਰਹੇ ਹਨ।
ਆਮ ਆਦਮੀ ਪਾਰਟੀ ਨੇ ਮੁੜ ਤਾਕਤ ਦਿਖਾਈ
ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਚੰਨਣ ਸਿੰਘ ਗਰੇਵਾਲ ਨੂੰ ਆਪਣੇ ਨਾਲ ਮਿਲਾ ਲਿਆ ਹੈ। ਗਰੇਵਾਲ ਰਾਹੀਂ ਅਨੁਸੂਚਿਤ ਜਾਤੀ ਦੇ ਵੋਟਰਾਂ ਨੂੰ ਲੁਭਾਉਣ ਦੇ ਯਤਨ ਜਾਰੀ ਹਨ। ਇਸ ਕਾਰਨ ਅਕਾਲੀ ਦਲ ਨੂੰ ਕਾਫੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਅਕਾਲੀ ਦਲ ਦੇ ਕਈ ਵੱਡੇ ਆਗੂ ਪਹਿਲਾਂ ਹੀ ਪਾਰਟੀ ਬਦਲ ਚੁੱਕੇ ਹਨ। ਗਰੇਵਾਲ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਮੁਖੀ ਵੀ ਹਨ। ਪਰ ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਦਾ ਮਾਮਲਾ ਕਿਤੇ ਨਾ ਕਿਤੇ ਆਪ ਲਈ ਨੁਕਸਾਨ ਕਰਦਾ ਜਾਪ ਰਿਹਾ ਹੈ।
ਭਾਜਪਾ ਦਾ ਅੱਜ ਸ਼ਕਤੀ ਪ੍ਰਦਰਸ਼ਨ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਭਾਜਪਾ ਵੀ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਿੱਥੇ ਘਰ-ਘਰ ਜਾ ਕੇ ਵੋਟਾਂ ਮੰਗ ਰਹੀ ਹੈ, ਉੱਥੇ ਹੀ ਮਨੋਜ ਤਿਵਾੜੀ ਨੇ ਵੀ ਜਲੰਧਰ ਵਿੱਚ ਤਿੰਨ ਜਨਤਕ ਮੀਟਿੰਗਾਂ ਕੀਤੀਆਂ ਹਨ। ਅੱਜ ਭਾਜਪਾ ਵੱਲੋਂ ਜਲੰਧਰ ਵਿੱਚ ਵੱਡਾ ਰੋਡ ਸ਼ੋਅ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਰੋਡ ਸ਼ੋਅ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਮਰਥਨ ਵੀ ਮਿਲ ਗਿਆ ਹੈ, ਜਿਸ ਕਾਰਨ ਭਾਜਪਾ ਹੋਰ ਵੀ ਮਜ਼ਬੂਤ ਸਥਿਤੀ ਵਿੱਚ ਆ ਗਈ ਹੈ।