Jalandhar News: ਪੰਜਾਬ ਦੇ ਕਿਸਾਨਾਂ ਦੀ ਅਗਵਾਈ ਹੇਠ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸਾਲ 2020-21 ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਸਵਾ ਸਾਲ ਚੱਲੇ ਕਿਸਾਨ ਅੰਦੋਲਨ ਦੌਰਾਨ ਡਾਕਟਰੀ ਸੇਵਾਵਾਂ ਨਿਭਾਉਣ ਵਾਲੇ ਅਮਰੀਕਾ ਦੇ ਡਾਕਟਰ ਸਵੈਮਾਨ ਸਿੰਘ ਦਾ ਕੈਲੀਫੋਰਨੀਆ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਕੈਲੀਫੋਰਨੀਆ ਦੀ ਵਿਧਾਨ ਸਭਾ ਦੀ ਪੰਜਾਬੀ ਮੈਂਬਰ ਬੀਬੀ ਜਸਮੀਤ ਕੌਰ ਬੈਂਸ ਨੇ ਉਥੋਂ ਦੀ ਵਿਧਾਨ ਸਭਾ ਵਿੱਚ ਇੱਕ ਲਿਖਤੀ ਮਤਾ ਰੱਖਿਆ ਜਿਸ ਵਿੱਚ ਡਾ. ਸਵੈਮਾਨ ਸਿੰਘ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਤੇ ਉਨ੍ਹਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਕੈਲੀਫੋਰਨੀਆ ਸੂਬੇ ਦੀ ਵਿਧਾਨ ਸਭਾ ਦਾ ਵੱਕਾਰੀ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ। ਇਹ ਐਵਾਰਡ ਦੇਣ ਲਈ ਸਮੁੱਚੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਤੇ ਤਾੜੀਆਂ ਦੀ ਗੂੰਜ ਵਿੱਚ ਇਸ ਨੂੰ ਪ੍ਰਵਾਨ ਕੀਤਾ।
ਬੀਬੀ ਬੈਂਸ ਨੇ ਕਿਹਾ ਕਿ ਡਾ. ਸਵੈਮਾਨ ਸਿੰਘ ਨੇ ਪੂਰਾ ਸਵਾ ਸਾਲ ਹਜ਼ਾਰਾਂ ਕਿਸਾਨਾਂ ਦੀ ਹਰ ਤਰ੍ਹਾਂ ਦੀ ਸੇਵਾ ਕੀਤੀ ਅਤੇ ਦਿੱਲੀ ਦੀਆਂ ਬਰੂਹਾਂ ’ਤੇ ਪਿੰਡ ਵਸਾ ਕੇ ਉਥੇ ਕਿਸਾਨਾਂ ਦੀ ਮਦਦ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਵੈਮਾਨ ਸਿੰਘ ਨੇ ਉਨ੍ਹਾਂ 733 ਕਿਸਾਨਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।
ਉਨ੍ਹਾਂ ਨੇ ਦੁਨੀਆ ਭਰ ਦੇ ਉਨ੍ਹਾਂ ਲੋਕਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕਿਸਾਨ ਸੰਘਰਸ਼ ਦੌਰਾਨ ਉਨ੍ਹਾਂ ਦੀ ਟੀਮ ਦੀ ਸਹਾਇਤਾ ਕੀਤੀ। ਦੱਸਣਾ ਬਣਦਾ ਹੈ ਕਿ ਡਾ. ਸਵੈਮਾਨ ਸਿੰਘ ਹਾਰਟ ਟਰਾਂਸਪਲਾਂਟ ਦੇ ਮਾਹਿਰ ਹਨ।