Jalandhar News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਖਾਲੀ ਪਲਾਟਾਂ ਤੋਂ ਕੂੜਾ ਨਾ ਹਟਾਉਣ ਵਾਲੇ 12 ਪਲਾਟ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ 'ਤੇ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਡੀ.ਸੀ. ਦਫ਼ਤਰ ਐਕਸ਼ਨ ਹੈਲਪਲਾਈਨ ਰਾਹੀਂ ਹੁਣ ਤੱਕ 440 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਬਾਅਦ, ਸਾਰੇ 440 ਪਲਾਟ ਮਾਲਕਾਂ ਨੂੰ ਨੋਟਿਸ ਭੇਜੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਦੇਸ਼ਾਂ ਦੀ ਪਾਲਣਾ ਨਾ ਕਰਨ ਲਈ 12 ਮਾਮਲਿਆਂ ਵਿੱਚ ਪਹਿਲਾਂ ਹੀ ਰੈੱਡ ਐਂਟਰੀਆਂ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਡਾ. ਅਗਰਵਾਲ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਟਸਐਪ ਹੈਲਪਲਾਈਨ ਨੰਬਰ 9646-222-555 'ਤੇਖਾਲੀ ਪਲਾਟਾਂ ਵਿੱਚ ਜਮ੍ਹਾਂ ਹੋਏ ਕੂੜੇ ਬਾਰੇ ਜਾਣਕਾਰੀ, ਪਲਾਟ ਦਾ ਸਹੀ ਪਤਾ ਅਤੇ ਸੰਖੇਪ ਵੇਰਵਾ ਭੇਜ ਕੇ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਨੰਬਰ ਸਿਰਫ਼ ਵਟਸਐਪ ਸੁਨੇਹਿਆਂ ਲਈ ਹੈ, ਫ਼ੋਨ ਕਾਲਾਂ ਲਈ ਨਹੀਂ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 111 ਖਾਲੀ ਪਲਾਟਾਂ ਤੋਂ ਕੂੜਾ ਹਟਾ ਦਿੱਤਾ ਗਿਆ ਹੈ। ਡਾ. ਅਗਰਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਇਆ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਾਫ਼ ਸੂਬਾ ਬਣਾਇਆ ਜਾਏਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੈਲਪਲਾਈਨ 'ਤੇ 37 ਸ਼ਿਕਾਇਤਾਂ ਮਿਲਣ ਤੋਂ ਬਾਅਦ 64 ਅਵਾਰਾ ਪਸ਼ੂਆਂ ਨੂੰ ਸ਼ੈਲਟਰ ਹੋਮ ਭੇਜਿਆ ਗਿਆ ਹੈ। ਉਨ੍ਹਾਂ ਨੇ ਪੀਐਸਪੀਸੀਐਲ ਨੂੰ ਗੈਰ-ਕਾਨੂੰਨੀ ਤਾਰਾਂ ਵਿਛਾਉਣ ਵਾਲੀਆਂ ਟੈਲੀਕਾਮ ਕੰਪਨੀਆਂ 'ਤੇ ਜੁਰਮਾਨਾ ਲਗਾਉਣ ਅਤੇ ਅਣਵਰਤੀਆਂ ਤਾਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਡਾ. ਅਗਰਵਾਲ ਨੇ ਪੰਜਾਬ ਸੜਕ ਸਫਾਈ ਮਿਸ਼ਨ ਤਹਿਤ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਪੂਰੀਆਂ ਨਹੀਂ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।