Jalandhar News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਲਾਇਸੈਂਸਾਂ ਤੇ ਗੀਤਾਂ 'ਤੇ ਪਾਬੰਦੀ ਲਗਾਉਣ ਦੇ ਜਾਰੀ ਕੀਤੇ ਆਦੇਸ਼ਾਂ ਨੂੰ ਗਲਤ ਦੱਸਦੇ ਹੋਏ ਇਨ੍ਹਾਂ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਜਲੰਧਰ ਵਿੱਚ ਕਾਂਗਰਸ ਭਵਨ ਵਿਖੇ ਕੁੱਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਜੇ ਚਿਕਾਰਾ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਖੋਸਲਾ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਨਾ ਲਿਆ ਤਾਂ ਯੂਥ ਕਾਂਗਰਸ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।


ਉਨ੍ਹਾਂ ਕਿਹਾ ਕਿ ਸੂਬੇ 'ਚ ਹੋ ਰਹੀਆਂ ਅਪਰਾਧਿਕ ਘਟਨਾਵਾਂ ਲਈ ਜ਼ਿਆਦਾਤਰ ਨਾਜਾਇਜ਼ ਹਥਿਆਰਾਂ ਦੀ ਵਰਤੋਂ ਹੋ ਰਹੀ ਹੈ ਤੇ ਸਰਕਾਰ ਵਲੋਂ ਹਥਿਆਰਾਂ 'ਤੇ ਪਾਬੰਦੀ ਦਾ ਫੈਸਲਾ ਇਕ ਤਰ੍ਹਾਂ ਨਾਲ ਆਮ ਲੋਕਾਂ ਨੂੰ ਨਿਹੱਥੇ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਬੰਦੂਕ ਸੱਭਿਆਚਾਰ ਖ਼ਿਲਾਫ ਹੈ ਪਰ ਕੇਵਲ ਹਥਿਆਰਾਂ ਵਾਲੇ ਗੀਤਾਂ 'ਤੇ ਪਾਬੰਦੀ ਲਗਾਉਣਾ ਮਸਲੇ ਦਾ ਕੋਈ ਹੱਲ ਨਹੀਂ ਹੈ ਤੇ ਸਰਕਾਰ ਨੂੰ ਇਸ ਨੂੰ ਰੋਕਣ ਲਈ ਹੋਰ ਢੰਗ ਤਰੀਕੇ ਅਪਣਾਉਣ ਦੀ ਲੋੜ ਹੈ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੀਤਾਂ 'ਤੇ ਪਾਬੰਦੀ ਕਿਸੇ ਵੀ ਤਰ੍ਹਾਂ ਤਰਕ ਸੰਗਤ ਨਹੀਂ ਹੈ ਤੇ ਅੱਜ ਸੋਸ਼ਲ ਮੀਡੀਆ ਦੇ ਯੁੱਗ 'ਚ ਕੋਈ ਵੀ ਗਾਇਕ ਕਿਤੇ ਵੀ ਬੈਠਾ ਆਪਣਾ ਗੀਤ ਰਿਲੀਜ਼ ਕਰ ਸਕਦਾ ਹੈ। ਉਨ੍ਹਾਂ ਇਸ ਨੂੰ ਕਲਾ ਤੇ ਸੱਭਿਆਚਾਰ 'ਤੇ ਪਾਬੰਦੀ ਕਰਾਰ ਦਿੰਦਿਆਂ ਕਿਹਾ ਕਿ ਗੀਤਾਂ 'ਤੇ ਪਾਬੰਦੀ ਲੋਕਾਂ ਨੂੰ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਤੋਂ ਰੋਕਣਾ ਹੈ ਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਸੰਗੀਤ ਉਦਯੋਗ ਨੂੰ ਬਚਾਉਣ ਲਈ ਸੰਘਰਸ਼ ਦਾ ਰਾਹ ਅਪਣਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।