Jalandhar News: ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦਿਹਾਤੀ ਦੀ ਪੁਲਿਸ ਨੇ ਡਰੱਗ ਸਮੱਗਲਰਾਂ ਦਾ ਪਰਦਾਫਾਸ਼ ਕਰਦੇ ਹੋਏ ਗੋਰਾਇਆ ਵਿਖੇ ਇਕ ਸਮੱਗਲਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਪੱਧਰ 'ਤੇ 45 ਕਰੋੜ ਦੀ ਦੱਸੀ ਜਾ ਰਹੀ ਹੈ। 



ਇਸ ਦੀ ਪੁਸ਼ਟੀ ਖ਼ੁਦ ਡੀ. ਜੀ. ਪੀ. ਗੌਰਵ ਯਾਦਵ ਨੇ ਟਵਿੱਟਰ 'ਤੇ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਸਮੱਗਲਰ ਦੀ ਪਛਾਣ ਮਲਕੀਤ ਸਿੰਘ ਉਰਫ਼ ਕਾਲੀ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।  ਪੁਲਿਸ ਨੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


 






ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸੰਬੰਧ


ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਇਆ ਕਿ ਕਾਲੀ ਦੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸੰਬੰਧ ਸਨ। ਕਾਲੀ ਨੇ ਮੁੰਡਿਆਂ ਨੂੰ ਸਰਹੱਦ ਰਾਹੀਂ ਪਾਕਿਸਤਾਨ ਭੇਜ ਕੇ 50 ਕਿਲੋ ਹੈਰੋਇਨ ਮੰਗਵਾਈ ਸੀ। ਹੈਰੋਇਨ ਦੇ ਭਾਰਤ ਪਹੁੰਚਣ ਤੋਂ ਬਾਅਦ ਇਸ ਨੂੰ 6 ਵੱਖ-ਵੱਖ ਤਸਕਰਾਂ ਵਿੱਚ ਵੰਡਿਆ ਗਿਆ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ ਹੈਰੋਇਨ ਦੀ ਖੇਪ ਵਿੱਚੋਂ 9 ਕਿਲੋ ਹੋਰ ਹੈਰੋਇਨ ਵੀ ਜ਼ਬਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਇਸ ਖੇਪ ਵਿਚੋਂ 22.5 ਕਿਲੋ ਹੈਰੋਇਨ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹੁਣ ਕੁੱਲ ਬਰਾਮਦਗੀ 31.5 ਕਿਲੋ ਹੋ ਗਈ ਹੈ।


ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਹਾਸਲ ਕਰਨ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਜਾਣ ਵਾਲੇ ਨਸ਼ਾ ਤਸਕਰ ਜੋਗਾ ਸਿੰਘ, ਜਿਸ ਕੋਲੋਂ 8 ਕਿਲੋਂ ਹੈਰੋਇਨ ਬਰਾਮਦ ਹੋਈ ਸੀ, ਦੀ ਗ੍ਰਿਫਤਾਰੀ ਤੋਂ  ਇਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਅਮਲ ’ਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ, ਐੱਸ. ਐੱਸ. ਓ. ਸੀ. ਅੰਮ੍ਰਿਤਸਰ ਨੇ ਸ਼ਿੰਦਰ ਸਿੰਘ ਵਜੋਂ ਜਾਣੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਮਾਡਿਊਲ ਨਾਲ ਜੁੜੀ ਇਕ ਔਰਤ ਨਸ਼ਾ ਤਸਕਰ ਅਮਨਦੀਪ ਕੌਰ ਉਰਫ਼ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਦਕਿ ਇਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ।


ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।