Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੌਤ ਦਾ ਡਰ ਸਤਾਉਣ ਲੱਗਾ ਹੈ। ਜੱਗੂ ਭਗਵਾਨਪੁਰੀਆ ਦਾ ਕਹਿਣਾ ਹੈ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੈਂਗ ਤੋਂ ਜਾਨ ਦਾ ਖਤਰਾ ਹੈ। ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ। ਬਠਿੰਡਾ ਜੇਲ੍ਹ ਵਿੱਚ ਹੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਦ ਹਨ। ਇਸ ਲਈ ਜੱਗੂ ਨੂੰ ਮੌਤ ਦਾ ਡਰ ਸਤਾਉਣ ਲੱਗਾ ਹੈ।



ਦਰਅਸਲ, ਪੰਜਾਬ ਸਰਕਾਰ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜੱਗੂ ਦੇ ਵਕੀਲ ਵੱਲੋਂ ਪੰਜਾਬ ਦੇ ਡੀਜੀਪੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ। ਜੱਗੂ ਤੋਂ ਇਲਾਵਾ ਲਾਰੈਂਸ ਬਿਸ਼ਨੋਈ ਤੇ ਉਸ ਦੇ ਕਈ ਸਾਥੀ ਇਸ ਜੇਲ੍ਹ ਵਿੱਚ ਬੰਦ ਹਨ। 


ਦੱਸ ਦਈਏ ਕਿ ਪੰਜ ਮਹੀਨੇ ਪਹਿਲਾਂ ਜੱਗੂ ਨੂੰ ਬਠਿੰਡਾ ਹਾਈਟੈਕ ਜੇਲ੍ਹ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਉਦੋਂ ਵੀ ਜੱਗੂ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਜੱਗੂ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਗਿਆ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਜੇਕਰ ਉਸ ਨੂੰ ਬਠਿੰਡਾ ਜੇਲ੍ਹ ਭੇਜਿਆ ਗਿਆ ਤਾਂ ਲਾਰੈਂਸ ਜਾਂ ਉਸ ਦੇ ਸਾਥੀ ਉਸ ਦੀ ਹੱਤਿਆ ਕਰ ਸਕਦੇ ਹਨ। ਇੰਨਾ ਹੀ ਨਹੀਂ ਜੇਲ੍ਹ 'ਚ ਸ਼ਿਫਟ ਹੋਣ ਸਮੇਂ ਉਸ 'ਤੇ ਹਮਲਾ ਵੀ ਹੋ ਸਕਦਾ ਹੈ।


 


ਇਸ ਲਈ ਕਰੀਬ ਪੰਜ ਮਹੀਨੇ ਪਹਿਲਾਂ ਜੱਗੂ ਵੱਲੋਂ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਨਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਮਗਰੋਂ ਅਦਾਲਤ ਨੇ ਸੁਣਵਾਈ ਕਰਦਿਆਂ ਅਕਤੂਬਰ ਮਹੀਨੇ ਅਰਜ਼ੀ ਦਾ ਨਿਪਟਾਰਾ ਕਰਦਿਆਂ ਹੁਕਮ ਦਿੱਤਾ ਕਿ ਉਸ ਨੂੰ ਬਠਿੰਡਾ ਦੀ ਥਾਂ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਜੱਗੂ ਨੂੰ ਮੁੜ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮਾਂ ਤੋਂ ਬਾਅਦ ਉਸ ਦੇ ਵਕੀਲ ਵੱਲੋਂ ਡੀਜੀਪੀ ਪੰਜਾਬ ਨੂੰ ਨੋਟਿਸ ਭੇਜਿਆ ਗਿਆ ਹੈ।



ਦੱਸ ਦਈਏ ਕਿ 2022 ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਮਿਲ ਕੇ ਇਹ ਕਤਲ ਕਰਵਾਇਆ ਸੀ। ਮੂਸੇਵਾਲਾ ਕਤਲ ਤੋਂ 9 ਮਹੀਨੇ ਬਾਅਦ ਹੀ ਇਹ ਦੋਵੇਂ ਗੈਂਗਸਟਰ ਇੱਕ-ਦੂਜੇ ਦੇ ਦੁਸ਼ਮਣ ਬਣ ਗਏ।