ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ‘ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023’ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। 



 ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਪੁਲਿਸ ਕਮਿਸ਼ਨਰ ਨੇ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਣ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਿਕ ਰੱਖਣ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ , ਅਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਨਹੀਂ ਵਜਾ ਸਕੇਗਾ ਅਤੇ ਮੈਰਿਜ ਪੇਲੈਸਾਂ ਤੇ ਹੋਟਲਾਂ ਵਿੱਚ ਵੀ ਇਹ ਹੁਕਮ ਲਾਗੂ ਹੋਣਗੇ।


 ਇਸੇ ਤਰ੍ਹਾਂ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵਲੋਂ 5 ਡੀ.ਬੀ.( ਏ ) ਤੋਂ ਵੱਧ ਅਵਾਜ਼ ਨਹੀਂ ਰੱਖੀ ਜਾਵੇਗੀ ਅਤੇ ਜੇਕਰ ਇਨਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਸਮਾਨ ਜਬਤ ਕੀਤਾ ਜਾ ਸਕੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਿਊਜਿਕ ਸਿਸਟਮ ਵਾਲੇ ਵਾਹਨ ਵਿਚੋਂ ਮਿਊਜ਼ਿਕ ਦੀ ਅਵਾਜ਼ ਵਾਹਨ ਤੋਂ ਬਾਹਰ ਨਹੀਂ ਆਉਣੀ ਚਾਹੀਦੀ।



ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵੱਲੋਂ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ. ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗਾਹਕ/ਵਿਕਰੇਤਾ ਨੂੰ ਵੀ ਆਪਣੀ ਫਰਮ ਦੀ ਮੋਹਰ ਅਤੇ ਦਸਤਖਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ।