Jalandhar News : ਨਵਰਾਤਿਆਂ ਦੌਰਾਨ ਜਲੰਧਰ ਵਿੱਚ ਮਾਤਾ ਰਾਣੀ ਦੇ ਸਰੂਪ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਇੱਕ ਮਹਿਲਾ ਵੱਲੋਂ ਮਾਂ ਦੁਰਗਾ ਦੇ ਸਰੂਪ ਵਿੱਚ ਆਪਣੀ ਤਸਵੀਰ ਪੋਸਟ ਕਰਨ ਅਤੇ ਉਸ ’ਤੇ ਆਪਣਾ ਚਸ਼ਮਾ ਲਗਾਉਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਇਸ ਘਟਨਾ ਨੂੰ ਲੈ ਕੇ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸ਼ਿਵ ਸੈਨਾ ਵੱਲੋਂ ਇਸ ਮਾਮਲੇ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਦੱਸਦਿਆਂ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ ਗਿਆ। ਸੰਗਠਨ ਨੇ ਮਹਿਲਾ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ
ਸ਼ਿਵ ਸੈਨਾ ਦੇ ਪੰਜਾਬ ਪ੍ਰਭਾਰੀ ਸੁਨੀਲ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਪੇਜ ਚਲਾਉਂਦੇ ਹੋਏ ਉਨ੍ਹਾਂ ਦੀ ਨਜ਼ਰ ‘ਰਾਧਾ’ ਨਾਂ ਦੀ ਆਈਡੀ ’ਤੇ ਪਈ। ਇਸ ਆਈਡੀ ਤੋਂ ਇੱਕ ਮਹਿਲਾ ਨੇ ਮਾਂ ਦੁਰਗਾ ਦਾ ਸਰੂਪ ਧਾਰਨ ਕਰਕੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਵਿੱਚ ਇੱਕ ਤਸਵੀਰ ’ਤੇ ਚਸ਼ਮਾ ਲਗਾਇਆ ਗਿਆ ਸੀ, ਜਿਸ ਨੂੰ ਲੈ ਕੇ ਵਿਵਾਦ ਵਧ ਗਿਆ। ਸ਼ਿਵ ਸੈਨਾ ਆਗੂਆਂ ਦਾ ਆਰੋਪ ਹੈ ਕਿ ਸੋਸ਼ਲ ਮੀਡੀਆ ’ਤੇ ਲਾਈਕਸ, ਕੁਮੈਂਟਾਂ ਅਤੇ ਪ੍ਰਸਿੱਧੀ ਹਾਸਲ ਕਰਨ ਲਈ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵਰਾਤਿਆਂ ਦੇ ਪਵਿੱਤਰ ਦਿਨਾਂ ਵਿੱਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਹਿਲਾ ਨੇ ਫੋਨ ’ਤੇ ਮੰਗੀ ਮੁਆਫ਼ੀ
ਇਸ ਮਾਮਲੇ ਸਬੰਧੀ ਮਹਿਲਾ ਨਾਲ ਹੋਈ ਗੱਲਬਾਤ ਦੀ ਇੱਕ ਆਡੀਓ ਰਿਕਾਰਡਿੰਗ ਵੀ ਸਾਹਮਣੇ ਆਉਣ ਦੀ ਗੱਲ ਕਹੀ ਗਈ ਹੈ। ਸ਼ਿਵ ਸੈਨਾ ਆਗੂਆਂ ਨਾਲ ਫੋਨ ’ਤੇ ਗੱਲਬਾਤ ਦੌਰਾਨ ਮਹਿਲਾ ਨੇ ਆਪਣੀ ਗਲਤੀ ਮੰਨਦਿਆਂ ਮੁਆਫ਼ੀ ਮੰਗੀ। ਉਸ ਨੇ ਕਿਹਾ ਕਿ ਉਹ ਖ਼ੁਦ ਵੀ ਮਾਤਾ ਰਾਣੀ ਦੀ ਭਗਤ ਹੈ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਸ ਨੇ ਵਿਵਾਦਿਤ ਪੋਸਟ ਸੋਸ਼ਲ ਮੀਡੀਆ ਤੋਂ ਹਟਾਉਣ ਦਾ ਭਰੋਸਾ ਵੀ ਦਿੱਤਾ।
ਪੁਲਿਸ ਨੇ ਜਾਂਚ ਦਾ ਦਿੱਤਾ ਭਰੋਸਾ
ਜਾਣਕਾਰੀ ਅਨੁਸਾਰ, ਮਹਿਲਾ ਜਲੰਧਰ ਦੇ ਬਸਤੀ ਦਾਨਿਸ਼ਮੰਦਾ/ਬਸਤੀ ਅੱਡਾ ਇਲਾਕੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੰਗ ਪੱਤਰ ਦੇਣ ਵਾਲੇ ਨੁਮਾਇੰਦਿਆਂ ਨੂੰ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।