Jalandhar News: ਭਗਵੰਤ ਮਾਨ ਸਰਕਾਰ ਨੂੰ ਘੇਰਨ ਪਹਿਲੀ ਵਾਰ ਇੱਕਜੁੱਟ ਹੋਈਆਂ ਵਿਰੋਧੀ ਧਿਰਾਂ, ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਲੀਡਰ ਜਲੰਧਰ 'ਚ ਬਣਾ ਰਹੇ ਰਣਨੀਤੀ
ਬੇਸ਼ੱਕ ਇਹ ਸਰਬ ਪਾਰਟੀ ਮੀਟਿੰਗ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਵਿਜੀਲੈਂਸ ਵੱਲੋਂ ਅਜੀਤ ਅਖਬਾਰ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਹੈ ਪਰ ਵਿਰੋਧੀ ਧਿਰਾਂ ਵੱਲੋਂ ਵਿਜੀਲੈਂਸ...
Jalandhar News: ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਅੱਜ ਵਿਰੋਧੀ ਧਿਰਾਂ ਜਲੰਧਰ ਵਿੱਚ ਇਕੱਠੀਆਂ ਹੋਈਆਂ ਹਨ। ਬੇਸ਼ੱਕ ਇਹ ਸਰਬ ਪਾਰਟੀ ਮੀਟਿੰਗ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਵਿਜੀਲੈਂਸ ਵੱਲੋਂ ਅਜੀਤ ਅਖਬਾਰ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਹੈ ਪਰ ਵਿਰੋਧੀ ਧਿਰਾਂ ਵੱਲੋਂ ਵਿਜੀਲੈਂਸ ਦੇ ਐਕਸ਼ਨ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀਆਂ ਹਨ।
ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਹੈ। ਕਾਂਗਰਸ ਦੇ ਆਗੂਆਂ ਦੇ ਨਾਲ-ਨਾਲ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਸਰਬ ਪਾਰਟੀ ਮੀਟਿੰਗ ਵਿੱਚ ਪੁੱਜੇ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਸਭ ਤੋਂ ਪਹਿਲਾਂ ਪੁੱਜੇ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪਹਿਲੀ ਵਾਰ ਵਿਰੋਧੀ ਧਿਰਾਂ ਸੱਤਾ ਖਿਲਾਫ ਇੱਕਜੁੱਟ ਹੋਈਆਂ ਹਨ।
ਦਰਅਸਲ ਦੋ ਦਿਨ ਪਹਿਲਾਂ ਕਾਂਗਰਸੀ ਆਗੂਆਂ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦੇ ਮਾਮਲੇ ਵਿੱਚ ਇੱਕ ਮਤਾ ਪਾਸ ਕਰਕੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਉਪ ਮੁੱਖ ਮੰਤਰੀ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ।
ਕੀ ਹੈ ਪੂਰਾ ਮਾਮਲਾ?
ਦੱਸ ਦਈਏ ਕਿ ਹਾਲ ਹੀ ਵਿੱਚ 29 ਮਈ ਨੂੰ ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਜਲੰਧਰ ਦੇ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਵਿਵਾਦ ਸਬੰਧੀ ਜਾਂਚ ਲਈ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਨੋਟਿਸ ਭੇਜਿਆ ਸੀ ਪਰ ਹਮਦਰਦ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਪੱਤਰ ਭੇਜ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ 10 ਦਿਨ ਦਾ ਸਮਾਂ ਦਿੱਤਾ ਜਾਵੇ।
ਹਾਲਾਂਕਿ ਅਜੇ ਤੱਕ ਵਿਜੀਲੈਂਸ ਵੱਲੋਂ ਕੋਈ ਜਵਾਬ ਨਹੀਂ ਆਇਆ ਕਿ ਉਨ੍ਹਾਂ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਜਾਂ ਨਹੀਂ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਬਰਜਿੰਦਰ ਸਿੰਘ ਹਮਦਰਦ 'ਤੇ ਵਿਜੀਲੈਂਸ ਰਾਹੀਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਲਈ ਹੀ ਅੱਜ ਸਰਬ ਪਾਰਟੀ ਮੀਟਿੰਗ ਕੀਤੀ ਜਾ ਰਹੀ ਹੈ।