Jalandhar News : ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ AAP ਦੇ ਸਾਂਸਦ ਮੈਂਬਰਾਂ ਨੇ ਖੋਲ੍ਹਿਆ ਮੋਰਚਾ
Giddarpindi Railway Bridge : ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਪੁਲ ਹੇਠੋਂ ਪਾਣੀ ਦੀ ਆਸਾਨੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਮਿੱਟੀ ਕੱਢਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਦੇ ਲਈ ਇਸ ਮਹੱਤਵਪੂਰਨ ਕਾਰਜ ਦੀ...
ਜਲੰਧਰ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਹੀਆਂ ਤੋਂ ਫਿਰੋਜ਼ਪੁਰ ਸੜਕ ’ਤੇ ਪਿੰਡ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ’ਤੇ ਬਣੇ ਰੇਲਵੇ ਪੁਲ ਦੇ ਦਰਾਂ ’ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਖੇਤਰ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਿਆ ਜਾ ਸਕੇ।
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੌਕੇ ’ਤੇ ਮੌਜੂਦ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੇ ਨਿਕਾਸ ਵਿੱਚ ਅੜਿੱਕਾ ਬਣ ਰਹੀ ਮਿੱਟੀ ਨੂੰ ਸਾਫ ਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਖੇਤਰ ਵਿੱਚ ਕਿਸੇ ਵੀ ਹੜ੍ਹ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲ ਹੇਠੋਂ ਮਿੱਟੀ ਨੂੰ ਜਲਦ ਹਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦਰਾਂ ’ਚੋਂ ਮਿੱਟੀ ਕੱਢਣ ਨਾਲ ਪੁਲ ਹੇਠੋਂ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਲੰਘ ਸਕੇਗਾ ਅਤੇ ਇਲਾਕੇ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਪੁਲ ਹੇਠੋਂ ਪਾਣੀ ਦੀ ਆਸਾਨੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਮਿੱਟੀ ਕੱਢਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਦੇ ਲਈ ਇਸ ਮਹੱਤਵਪੂਰਨ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਵੀ ਪੁਲ ਹੇਠੋਂ ਮਿੱਟੀ ਕੱਢਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਰਾਜ ਸਭਾ ਮੈਂਬਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕੀਤੀ ਜਾਵੇਗੀ।
ਇਸ ਦੌਰਾਨ ਸੰਸਦ ਮੈਂਬਰਾਂ ਨੇ ਮਾਨਸੂਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਹੋਰ ਅਹਿਤਿਆਤੀ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਡਰੇਨੇਜ ਵਿਭਾਗ ਅਧਿਕਾਰੀਆਂ ਨੂੰ ਡਰੇਨਾਂ ਦੀ ਸਫਾਈ ਦੇ ਕੰਮ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜ਼ੁਕ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਕਾਰਜ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਇਸ ਮੌਕੇ ਹੜ੍ਹ ਸੰਭਾਵੀ ਇਲਾਕਿਆਂ ਵਿੱਚ ਡਰੇਨੇਜ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ