ਜਲੰਧਰ - ਲੋਕ ਸਭਾ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਸਮੇਤ ਵੱਖ-ਵੱਖ ਵਿਭਾਗਾਂ ਖਾਸ ਕਰ ਪੰਚਾਇਤਾਂ, ਮੰਡੀ ਬੋਰਡ, ਸਿੰਚਾਈ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਲਾਭ ਮਿਲ ਸਕੇ।
ਸੰਸਦ ਮੈਂਬਰ ਨੇ ਆਦੇਸ਼ ਦਿੱਤੇ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਕਾਰਜਾਂ ਵਿੱਚ ਬੇਨਿਯਮੀ ਪਾਈ ਗਈ ਤਾਂ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਅਗਲੇ ਹਫ਼ਤੇ ਤੱਕ ਵਿਕਾਸ ਪ੍ਰਾਜੈਕਟਾਂ ਦੀਆਂ ਨਵੀਆਂ ਤਜਵੀਜ਼ਾਂ ਭੇਜਣ ਲਈ ਕਿਹਾ ਤਾਂ ਜੋ ਪੰਜਾਬ ਸਰਕਾਰ ਤੋਂ ਲੋੜੀਂਦੇ ਫੰਡਾਂ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਪਹਿਲੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸੂਬਾ ਸਰਕਾਰ ਦੇ ਵਿਕਾਸ ਪ੍ਰੋਗਰਾਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਵਰਤੋਂ ਵਿੱਚ ਪਾਰਦਰਸ਼ੀ ਅਤੇ ਨਤੀਜਾਮੁਖੀ ਪਹੁੰਚ ਅਪਣਾਉਣ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਡੀ.ਡੀ.ਪੀ.ਓ. ਧਰਮਪਾਲ ਆਦਿ ਵੀ ਮੌਜੂਦ ਸਨ।