jalandhar news: ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਨਾਲ ਰਜਿੰਦਰ ਬੇਰੀ, ਪ੍ਰਗਟ ਸਿੰਘ ਅਤੇ ਕੁਝ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।
ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਆਪਣਾ ਉਮੀਦਵਾਰ ਐਲਾਨ ਕੇ ਟਿਕਟ ਦਿੱਤੀ ਹੈ। ਦੱਸ ਦਈਏ ਕਿ ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ 'ਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ।
ਇਸੇ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਉਹ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ ਸਨ। ਅੱਜ ਉਹ ਸੰਤੋਖ ਚੌਧਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਸਰ ਵੀ ਜਾ ਸਕਦੇ ਹਨ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਵੈਸਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।