Jalandhar News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਵਧੀਆ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗ੍ਰਾਂਟ ਦਿੱਤੀ ਜਾਵੇਗੀ। ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਧਾਲੀਵਾਲ ਨੇ ਐਲਾਨ ਕੀਤਾ ਕਿ 'ਮਗਨਰੇਗਾ' ਸਕੀਮ ਤਹਿਤ ਪਿੰਡਾਂ ਵਿੱਚ ਮਹਿਲਾ ਮੇਟਸ ਦੀ ਹੀ ਨਿਯੁਕਤੀ ਕੀਤੀ ਜਾਵੇਗੀ।

ਜਲੰਧਰ ਦੇ ਡੀਏਵੀ ਇੰਸਟੀਚਿਊਟ ਆਫ ਇੰਜੀਨੀਅਰ ਐਂਡ ਟੈਕਨਾਲੋਜੀ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾ ਸਰਪੰਚਾਂ ਤੇ ਪੰਚਾਂ ਦੀ ਮਜ਼ਬੂਤ ਭਾਗੀਦਾਰੀ ਵਿਸ਼ੇ 'ਤੇ ਕਰਵਾਏ ਗਏ ਨਾਰੀ ਸਸ਼ਕਤੀਕਰਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਚਾਇਤ ਸਕੱਤਰਾਂ ਦੀ ਆਉਣ ਵਾਲੀ ਭਰਤੀ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ ਤੇ ਔਰਤਾਂ ਨੂੰ ਹਰ ਖੇਤਰ 'ਚ ਭਾਗੀਦਾਰ ਬਣਾਇਆ ਜਾਵੇਗਾ।

 ਇਸ ਮੌਕੇ ਉਨ੍ਹਾਂ ਚੰਗੀ ਕਾਰਗੁਜ਼ਾਰੀ ਵਾਲੀਆਂ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਔਰਤਾਂ ਨੂੰ ਹਰ ਖੇਤਰ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਪਿੰਡਾਂ ਦੇ 55 ਸਵੈ ਸਹਾਇਤਾ ਸਮੂਹਾਂ ਨੂੰ 12.25 ਲੱਖ ਰੁਪਏ ਦੇ ਰਿਵਾਲਵਿੰਗ ਫੰਡ ਦੇ ਚੈੱਕ ਵੀ ਪ੍ਰਦਾਨ ਕੀਤੇ ਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ।


ਇਹ ਵੀ ਪੜ੍ਹੋ : Atta Dal Scheme : ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ , ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ

ਇਸ ਮੌਕੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੀਆਂ ਮਹਿਲਾ ਸਰਪੰਚ, ਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦਾ ਪੰਚਾਇਤੀ ਰਾਜ ਸੰਸਥਾਵਾਂ ਤੇ ਮਹਿਲਾ ਪ੍ਰਤੀਨਿਧੀਆਂ ਦੇ ਸਸ਼ਕਤੀਕਰਨ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੀਤੀ ਪਹਿਲਕਦਮੀ ਲਈ 'ਵਿਕਾਸ ਪੁਰਸ਼' ਦੇ ਐਵਾਰਡ ਨਾਲ ਸਨਮਾਨ ਕੀਤਾ ਗਿਆ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।