Jalandhar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਵਿੱਚ ਜਹਾਜ਼ ਚੜ੍ਹਾਉਣ ’ਤੇ ਰੋਕ ਲਾਉਣ ਦੇ ਐਲਾਨ ਨਾਲ ਹੀ ਦੋਆਬੇ ਦੇ ਚਰਚਿਤ ਪਿੰਡ ਤੱਲ੍ਹਣ ਦੇ ਗੁਰਦੁਆਰਾ ਸ਼ਹੀਦਾਂ ਸੰਤਨਿਹਾਲ ਸਿੰਘ ਵਿਖੇ ਜਹਾਜ਼ ਚੜ੍ਹਾਉਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰੋਜ਼ਾਨਾ ਹੀ ਦਰਜਨਾਂ ਖਿਡੌਣੇ ਜਹਾਜ਼ ਚੜ੍ਹਾਉਂਦੇ ਹਨ।
ਹਾਸਲ ਜਾਣਕਾਰੀ ਮੁਤਾਬਕ ਨੌਜਵਾਨਾਂ ਦਾ ਮੰਨਣਾ ਹੈ ਕਿ ਜਹਾਜ਼ ਚੜ੍ਹਾਉਣ ਨਾਲ ਉਨ੍ਹਾਂ ਦੀ ਵਿਦੇਸ਼ ਜਾਣ ਦੀ ਸੁੱਖ ਪੂਰੀ ਹੋ ਜਾਂਦੀ ਹੈ। ਗੁਰਦੁਆਰੇ ਦੇ ਮੈਨੇਜਰ ਬਲਜੀਤ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਦਾ ਸਿੱਖ ਸੰਗਤ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਦਰਅਸਲ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਜਿਸ ਦੌਰਾਨ ਕਈ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਹੋਈ।
ਦੱਸਣਯੋਗ ਹੈ ਕਿ ਬੀਤੇ ਦਿਨ ਇੱਕ ਤਸਵੀਰ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਿਡੌਣੇ ਦੇ ਰੂਪ ਵਿੱਚ ਹਵਾਈ ਜਹਾਜ਼ ਭੇਟ ਕਰ ਰਿਹਾ ਸੀ ਜਿਸ ਨੂੰ ਉੱਥੇ ਬੈਠਾ ਕਰਮਚਾਰੀ ਦੇਖ ਰਿਹਾ ਸੀ। ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਵੱਲੋਂ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਅਜਿਹੇ ਰੁਝਾਨ ਨੂੰ ਰੋਕਿਆ ਜਾਵੇ।
ਦੱਸ ਦਈਏ ਕਿ ਇਸ ਵੇਲੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਵੱਧ ਰਿਹਾ ਹੈ। ਵਿਦੇਸ਼ ਜਾਣ ਦੇ ਚਾਹਵਾਨਾਂ ਵੱਲੋਂ ਇਸ ਸਬੰਧ ਵਿੱਚ ਗੁਰੂਧਾਮਾਂ ਤੇ ਹੋਰ ਧਾਰਮਿਕ ਥਾਵਾਂ ’ਤੇ ਮੰਨਤ ਮੰਗਦੇ ਹੋਏ ਹਵਾਈ ਜਹਾਜ਼ ਖਿਡੌਣੇ ਭੇਟ ਕੀਤੇ ਜਾ ਰਹੇ ਹਨ। ਜਲੰਧਰ ਨੇੜੇ ਇੱਕ ਗੁਰਦੁਆਰੇ ਵਿੱਚ ਤਾਂ ਅਜਿਹਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।