Jalandhar News: ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਐਤਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ 11 ਲੋਕ ਗ੍ਰਿਫਤਾਰ ਹੋ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਜਾਂਚ ਅੱਗੇ ਵਧਣ ਮਗਰੋਂ ਇਸ ਬਾਰੇ ਹੋਰ ਖੁਲਾਸੇ ਹੋ ਸਕਦੇ ਹਨ।



ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਤਹਿਤ ਜਲੰਧਰ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੈ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਮਾਮਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮਵੀਆਈ ਜਲੰਧਰ ਦੇ ਦਫ਼ਤਰ ਵਿੱਚ ਅਚਾਨਕ ਛਾਪਾ ਮਾਰ ਕੇ ਵੱਡੇ ਪੱਧਰ ’ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਕਿ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।