Jalandhar News: ਜਲੰਧਰ ਦੇ ਸੰਵਿਧਾਨ ਚੌਂਕ ਵਿਖੇ ਐਸਸੀ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਧਰਨਾ ਲਗਾ ਕੇ ਚੌਕ ਜਾਮ ਕਰ ਦਿੱਤਾ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਬਾਰਾਦਰੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੂਸੀ, ਕਮਲਜੀਤ ਕੁਮਾਰ ਸਮੇਤ ਹੋਰ 6-7 ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ ਗਏ ਹਨ। ਦਰਅਸਲ ਅੱਜ ਐਸਸੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੇ ਕਿਹਾ ਕਿ ਪੁਲਿਸ ਦਾ ਇਹ ਰਵੱਈਆ ਅਤਿ ਨਿੰਦਣਯੋਗ ਹੈ। ਇਸ ਤੋਂ ਬਾਅਦ ਸਾਰੇ ਵਿਦਿਆਰਥੀ ਥਾਣਾ ਬਾਰਾਂਦਰੀ ਦੇ ਬਾਹਰ ਪਹੁੰਚ ਗਏ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਐਸਸੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ ਹਨ ਜਿਸ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ। ਇਸੇ ਤਹਿਤ ਇਹ ਧਰਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਪ੍ਰੀਖਿਆ ਹੈ ਪਰ ਪੁਲਿਸ ਦੇ ਇਸ ਰਵੱਈਏ ਤੋਂ ਬਾਅਦ ਜੇਕਰ ਉਨ੍ਹਾਂ ਦਾ ਇਮਤਿਹਾਨ ਰੱਦ ਹੋ ਜਾਂਦਾ ਹੈ ਤਾਂ ਸਮੂਹ ਵਿਦਿਆਰਥੀਆਂ ਵਿੱਚ ਭਾਰੀ ਰੋਸ ਹੋਵੇਗਾ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਥਾਣਾ ਬਾਰਾਂਦਰੀ ਪਹੁੰਚ ਗਏ ਹਨ। ਇਸ ਦੌਰਾਨ ਪੁਲੀਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਅਤੇ ਸਾਬਕਾ ਵਿਧਾਇਕ ਵੀ ਪੁਲੀਸ ਅਧਿਕਾਰੀਆਂ ਸਮੇਤ ਥਾਣੇ ਅੰਦਰ ਮੌਜੂਦ ਹਨ। ਸਾਬਕਾ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਕਈ ਵਾਰ ਅਨੁਸੂਚਿਤ ਜਾਤੀ ਸਕਾਲਰਸ਼ਿਪ ਦੇ ਪੈਸੇ ਨਾ ਮਿਲਣ ਕਾਰਨ ਚੱਲ ਰਹੇ ਸੈਸ਼ਨ ਦੌਰਾਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ ਅਤੇ ਕਈ ਵਾਰ ਪੈਸੇ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਨਤੀਜੇ ਰੋਕ ਦਿੱਤੇ ਜਾਂਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਇਮਤਿਹਾਨਾਂ ਲਈ ਭਰੇ ਗਏ ਫਾਰਮ ਵੀ ਰੋਕ ਲਏ ਜਾਂਦੇ ਹਨ। ਹੁਣ ਐਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀ ਦਾਖ਼ਲਾ ਨਹੀਂ ਲੈ ਪਾ ਰਹੇ। ਓਥੇ ਹੀ ਇਸ ਨੂੰ ਲੈ ਕੇ ਐਸ.ਪੀ ਨਿਰਮਲ ਸਿੰਘ ਨੇ ਦੱਸਿਆ ਕਿ ਖਾਲਸਾ ਕਾਲਜ ਦੇ ਬੱਚਿਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਸਮਝਾਇਆ ਕਿ ਹਾਈਵੇ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਬੱਚਿਆਂ ਨੂੰ ਸਮਝਾ ਕੇ ਸਾਈਡ 'ਤੇ ਕਰ ਦਿੱਤਾ ਹੈ , ਕੁਝ ਸ਼ਰਾਰਤੀ ਬੱਚੇ ਸਨ, ਉਨ੍ਹਾਂ ਨੂੰ ਅਸੀਂ ਹਿਰਾਸਤ 'ਚ ਲੈ ਲਿਆ ਹੈ। ਅਸੀਂ ਆਵਾਜਾਈ ਨੂੰ ਬਹਾਲ ਕਰ ਦਿੱਤਾ ਹੈ।
Jalandhar News: ਐਸਸੀ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਾ ਕੇ ਕੀਤਾ ਰੋਡ ਜਾਮ, ਕੁਝ ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ
ABP Sanjha | shankerd | 26 May 2023 03:09 PM (IST)
Jalandhar News: ਜਲੰਧਰ ਦੇ ਸੰਵਿਧਾਨ ਚੌਂਕ ਵਿਖੇ ਐਸਸੀ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਧਰਨਾ ਲਗਾ ਕੇ ਚੌਕ ਜਾਮ ਕਰ ਦਿੱਤਾ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਬਾਰਾਦਰੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਈ ਵਿਦਿਆਰਥੀਆਂ ਨੂੰ ਹਿਰਾਸਤ
SC Students Protest