Jalandhar bypoll: ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਉਤਾਰਣ ਦਾ ਐਲਾਨ ਕੀਤਾ ਹੈ। ਬਸਪਾ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਕੀਤੀ ਜਾਏਗੀ। ਇਸ ਦੇ ਨਾਲ ਹੀ ਅਕਾਲੀ ਦਲ ਨੇ ਚੋਣ ਲਈ ਰਸਮੀ ਪ੍ਰਚਾਰ 10 ਅਪਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਸਪਸ਼ਟ ਹੋ ਗਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਬਸਪਾ ਨਹੀਂ ਸਗੋਂ ਅਕਾਲੀ ਦਲ ਦਾ ਉਮੀਦਵਾਰ ਹੀ ਮੈਦਾਨ ਵਿੱਚ ਉੱਤਰੇਗਾ।



ਹਾਸਲ ਜਾਣਕਾਰੀ ਮੁਕਾਬਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਫ਼ੈਸਲਾ ਕੀਤਾ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਉਪ ਚੋਣ ਵਿੱਚ ਬਸਪਾ ਦੀ ਹਮਾਇਤ ਨਾਲ ਅਕਾਲੀ ਦਲ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ। ਇਸ ਬਾਰੇ ਜਲੰਧਰ ਦੇ ਪੰਜਾਬ ਪ੍ਰੈੱਸ ਕੱਲਬ ਵਿੱਚ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕੀਤਾ ਹੈ।


ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੀ ਪ੍ਰੋੜਤਾ ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਵੀ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਪ ਚੋਣ ਲਈ ਰਸਮੀ ਪ੍ਰਚਾਰ 10 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਇਸ ਮੁਹਿੰਮ ਦਾ ਹਿੱਸਾ ਬਣਨਗੇ। 



ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਦਫ਼ਤਰੀ ਸਮਾਂ 2 ਮਈ ਤੋਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂਕਿ ‘ਆਪ’ ਸਰਕਾਰ ਗਰਮੀਆਂ ਦੇ ਮਹੀਨੇ ਵਿਚ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ ਵਿਚ ਅਸਫ਼ਲ ਰਹੀ ਹੈ। 


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਰਾਹੀਂ ਇਹ ਐਲਾਨ ਕਰ ਦਿੱਤਾ ਹੈ ਕਿ ਪੰਜਾਬੀ ਵੱਡੇ ਬਿਜਲੀ ਕੱਟਾਂ ਲਈ ਤਿਆਰ ਰਹਿਣ। ਇਸ ਕਾਰਨ ਝੋਨੇ ਦੀ ਲੁਆਈ ਵੀ ਖ਼ਤਰੇ ਵਿਚ ਪੈ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਜੇ ਤੱਕ ਕਣਕਾਂ ਦੇ ਹੋਏ ਨੁਕਸਾਨ ਬਾਰੇ ਗਿਰਦਾਵਰੀਆਂ ਸ਼ੁਰੂ ਨਹੀਂ ਕੀਤੀਆਂ ਤੇ ਨਾ ਹੀ ਹਾਲੇ ਤੱਕ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।