Punjab Politics: ਪੰਜਾਬ ਵਿੱਚ ਅੱਜ ਅਕਸ਼ੈ ਤ੍ਰਿਤੀਆ ਦੇ ਸ਼ੁਭ ਸਮੇਂ ਦੇ ਮੱਦੇਨਜ਼ਰ ਹਰ ਲੋਕ ਸਭਾ ਹਲਕੇ ਤੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਲੰਧਰ 'ਚ ਸ਼ੁੱਕਰਵਾਰ ਨੂੰ ਕੁੱਲ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੱਲੋਂ ਭਰੇ ਜਾ ਰਹੇ ਨਾਮਜ਼ਦਗੀ ਪੱਤਰ ਦੌਰਾਨ ਇੱਕ ਵਿਅਕਤੀ ਅਕਾਲੀ ਦਲ 'ਤੇ ਭੜਕ ਉੱਠਿਆ ਜਿਸ ਤੋਂ ਬਾਅਦ ਅਕਾਲੀ ਵਰਕਰ ਅਤੇ ਉਕਤ ਵਿਅਕਤੀ ਆਹਮੋ-ਸਾਹਮਣੇ ਹੋ ਗਏ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ।


ਜਾਣਕਾਰੀ ਅਨੁਸਾਰ ਅੱਜ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਸਮੇਤ ਨਾਮਜ਼ਦਗੀ ਦਾਖ਼ਲ ਕਰਨ ਲਈ ਪੁੱਜੇ ਸਨ। ਇਸ ਦੌਰਾਨ ਪੁਸ਼ਵਿੰਦਰ ਸਿੰਘ ਨਾਂ ਦਾ ਵਿਅਕਤੀ ਜੋ ਕਿ ਖੁਦ ਨੂੰ ਸਿੱਖ ਆਗੂ ਹੋਣ ਦਾ ਦਾਅਵਾ ਕਰਦਾ ਸੀ, ਭੜਕ ਗਿਆ ਅਤੇ ਅਕਾਲੀ ਦਲ ਦਾ ਵਿਰੋਧ ਕਰਨ ਲੱਗਾ। ਮਾਮਲਾ ਇੰਨਾ ਵੱਧ ਗਿਆ ਕਿ ਨੇਤਾਵਾਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਖੁਸ਼ਕਿਸਮਤੀ ਰਹੀ ਕਿ ਮੌਕੇ 'ਤੇ ਮੌਜੂਦ ਪੁਲਿਸ ਨੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕੀਤਾ।


ਦੱਸ ਦੇਈਏ ਕਿ ਅੱਜ ਜਲੰਧਰ ਵਿੱਚ ਚਾਰ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਵਿੱਚ ਸਵੇਰੇ 10 ਵਜੇ ਦੇ ਕਰੀਬ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਸਵਿੰਦਰ ਕੁਮਾਰ ਨੇ ਸਭ ਤੋਂ ਪਹਿਲਾਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਿਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਦੂਜਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਫਿਰ ਅਕਾਲੀ ਦਲ ਦੇ ਉਮੀਦਵਾਰ ਕੇ.ਪੀ.ਅਤੇ ਅਖੀਰ ਵਿੱਚ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਭਰੀ। ਚਾਰੋਂ ਪਾਰਟੀਆਂ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਪਹੁੰਚੀਆਂ ਹੋਈਆਂ ਸਨ। ਪੁਲਿਸ ਨੇ ਵੀ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।