ਜਲੰਧਰ : ਲੋਕ ਸਭਾ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਹੁਣ ਜਲੰਧਰੀਆਂ ਦਾ ਦਿਲ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ।  ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ।



ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ।