Jalandhar News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਜਲੰਧਰ 'ਚ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇੱਕ ਗੱਲ ਸਾਫ਼ ਕਰ ਦਿੱਤੀ ਹੈ ਕਿ ਬਸਪਾ ਅਤੇ ਅਕਾਲੀ ਦਲ ਵਿੱਚੋਂ ਅਕਾਲੀ ਦਲ ਦਾ ਉਮੀਦਵਾਰ ਹੀ ਲੋਕ ਸਭਾ ਚੋਣ ਲਈ ਉਤਰੇਗਾ ਅਤੇ ਜਲਦੀ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅਕਾਲੀ ਦਲ ਦਾ ਬਸਪਾ ਨਾਲ ਸਮਝੌਤਾ ਹੋ ਗਿਆ ਹੈ ਅਤੇ ਇਥੇ ਅਕਾਲੀ ਦਲ ਦਾ ਉਮੀਦਵਾਰ ਮੈਦਾਨ ਵਿਚ ਉਤਰੇਗਾ ਅਤੇ ਬਸਪਾ ਵਲੋਂ ਅਕਾਲੀ ਉਮੀਦਵਾਰ ਨੂੰ ਸਮਰਥਨ ਕੀਤਾ ਜਾਵੇਗਾ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਸਪਾ ਅਤੇ ਅਕਾਲੀ ਦਲ ਨੇ ਇਕੱਠੇ ਹੋ ਇਹ ਅਹਿਮ ਫ਼ੈਸਲਾ ਲਿਆ ਹੈ।
ਇਸ ਦੌਰਾਨ ਉਨ੍ਹਾਂ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਦਾ ਸਿਰਫ 33 ਫੀਸਦੀ ਨੁਕਸਾਨ ਹੀ ਦਿਖਾਇਆ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਅਕਾਲੀ ਦਲ ਅਤੇ ਬਸਪਾ ਮਿਲ ਕੇ ਇਸ ਦਾ ਸਖ਼ਤ ਵਿਰੋਧ ਕਰਨਗੇ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਇਹ ਫ਼ੈਸਲਾ ਲਿਆ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣਾ ਚਾਹੁੰਦੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਹੁਣ ਕੀ ਸਥਿਤੀ ਹੈ? ਉਨ੍ਹਾਂ ਜਲੰਧਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਜਿਸ ਤਰ੍ਹਾਂ ਹਾਲ ਆਮ ਆਦਮੀ ਪਾਰਟੀ ਦਾ ਸੰਗਰੂਰ ਚੋਣਾਂ 'ਚ ਕੀਤਾ ਸੀ, ਉਸੇ ਤਰ੍ਹਾਂ ਜਲੰਧਰ 'ਚ ਵੀ ਕੀਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਈ ਜਾਵੇ।
ਦੱਸ ਦੇਈਏ ਕਿ ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਗਠਜੋੜ ਮਿਲ ਕੇ ਲੜੇਗਾ। ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ, ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਹਾਲਾਂਕਿ ਅਜੇ ਤਕ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਹੁਣ ਸਾਫ਼ ਹੋ ਗਿਆ ਹੈ ਕਿ ਚੋਣ ਅਕਾਲੀ ਉਮੀਦਵਾਰ ਵਲੋਂ ਹੀ ਲੜੀ ਜਾਵੇਗੀ।