ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੇਗੀ ਜ਼ਮਾਨਤ? ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ
Punjab News : ਰਿਸ਼ਵਤ ਮਾਮਲੇ 'ਚ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਸੁੰਦਰ ਸ਼ਾਮ ਅਰੋੜਾ ਨੂੰ ਅੱਜ ਹਾਈਕੋਰਟ ਤੋਂ ਰਾਹਤ ਮਿਲ ਸਕਦੀ ਹੈ
ਸ਼ੰਕਰ ਦਾਸ ਦੀ ਰਿਪੋਰਟ
Punjab News: ਰਿਸ਼ਵਤ ਮਾਮਲੇ 'ਚ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਸੁੰਦਰ ਸ਼ਾਮ ਅਰੋੜਾ ਨੂੰ ਅੱਜ ਹਾਈਕੋਰਟ ਤੋਂ ਰਾਹਤ ਮਿਲ ਸਕਦੀ ਹੈ ਕਿਉਂਕਿ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਹਾਈਕੋਰਟ ਨੇ ਜ਼ਮਾਨਤ ਸਬੰਧੀ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਸੁਣਵਾਈ ਦੌਰਾਨ ਹਾਈ ਕੋਰਟ ਨੇ ਅਰੋੜਾ ਖ਼ਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਦੂਜੀ ਐਫਆਈਆਰ ਦੀ ਹਾਈ ਕੋਰਟ ਤੋਂ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਉਹ ਸੁੰਦਰ ਸ਼ਾਮ ਅਰੋੜਾ ਖਿਲਾਫ ਜਨਵਰੀ ਮਹੀਨੇ 'ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦਰਜ ਕੀਤੀ ਗਈ ਦੂਜੀ ਐੱਫ.ਆਈ.ਆਰ 'ਚ ਹੁਣ ਤੱਕ ਹੋਈ ਕਾਰਵਾਈ ਦੀ ਜਾਣਕਾਰੀ ਮਾਮਲੇ ਦੀ ਅਗਲੀ ਸੁਣਵਾਈ 'ਤੇ ਦੇਵੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਈ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਈ ਪਰ ਮੁਲਜਮ ਨੂੰ ਰਾਹਤ ਨਹੀਂ ਮਿਲ ਸਕੀ ਸੀ। ਅਰੋੜਾ ਨੇ ਇਸ ਤੋਂ ਪਹਿਲਾਂ ਪੰਜਾਬ ਦੀ ਮੋਹਾਲੀ ਦੀ ਜ਼ਿਲਾ ਅਦਾਲਤ 'ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਰੋੜਾ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਰੋੜਾ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਵੱਲੋਂ ਬੀਤੇ ਦਿਨੀਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ‘ਚ ਬਣੀ ਨਵੀਂ ਕੋਠੀ ‘ਤੇ ਛਾਪਾ ਮਾਰਿਆ ਗਿਆ ਸੀ। ਕਾਂਗਰਸ ਦੀ ਸਰਕਾਰ ਹੁੰਦੇ ਸਮੇਂ ਜਦੋਂ ਸੁੰਦਰ ਸ਼ਾਮ ਅਰੋੜਾ ਉਦਯੋਗ ਮੰਤਰੀ ਸਨ ਤਾਂ ਉਸ ਸਮੇਂ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਖਰਚ ਕੇ ਇਹ ਕੋਠੀ ਬਣਾਈ ਗਈ ਸੀ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਸਵਾਲ ਚੁੱਕਦੀਆਂ ਰਹੀਆਂ ਹਨ। ਇਹ ਵੀ ਵਰਣਨਯੋਗ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿਚੋਂ ਬਾਹਰ ਹੋ ਜਾਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।