ਲੋਹੀਆਂ ਖਾਸ/ਜਲੰਧਰ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਲੋਹੀਆਂ ਬਲਾਕ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਤੋਂ ਬਾਅਦ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਅਨੁਮਾਨ ਦੀ ਪ੍ਰਕਿਰਿਆ ਨੂੰ ਆਉਂਦੇ 15 ਦਿਨਾਂ ਤੱਕ ਮੁਕੰਮਲ ਹੋਣ ਉਪਰੰਤ ਰਿਪੋਰਟਾਂ ਦੇ ਅਧਾਰ ’ਤੇ ਹੜ੍ਹ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇਗਾ। 

 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਗਏ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਕਿਵੇਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਿਨ-ਰਾਤ ਇਕ ਕਰਕੇ ਹੜ੍ਹ ਦੀ ਲਪੇਟ ਵਿੱਚ ਆਉਣ ਵਾਲੇ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਨੇ ਰਾਹਤ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਗਲਾ ਕਾਰਜ ਖ਼ਰਾਬੇ ਦਾ ਬਣਦਾ ਮੁਆਵਜ਼ਾ ਦੇਣਾ ਹੈ ਜਿਸ ਲਈ ਵੱਖ-ਵੱਖ ਵਿਭਾਗਾਂ ਵਲੋਂ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕਾਰਜ ਨੂੰ 100 ਫੀਸਦੀ ਮੁਕੰਮਲ ਕਰਕੇ ਸਬੰਧਿਤ ਧਿਰਾਂ ਨੂੰ ਬਣਦਾ ਮੁਆਵਜ਼ਾ ਰਲੀਜ਼ ਕੀਤਾ ਜਾ ਰਿਹਾ ਹੈ। 

 

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਗਿੱਦੜਪਿੰਡੀ ਪੁਲ ’ਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਅਕਸਰ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ ਸਿਰ ਰਾਹਤ ਕੈਂਪ ਲਗਾਕੇ ਭਾਰਤੀ ਫੌਜ, ਪੰਜਾਬ ਪੁਲਿਸ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ.ਅਤੇ ਲੋਕਾਂ ਦੇ ਸਹਿਯੋਗ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਣਦੀ ਮਦਦ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਵਿੱਚ ਪਏ ਪਾੜ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਜਿਸ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਮੁਫ਼ਤ ਪਨੀਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਤੋਂ ਰਾਹਤ ਕਾਰਜਾਂ ਸਬੰਧੀ ਜਾਣਕਾਰੀ ਵੀ ਹਾਸਿਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਹੋਰਨਾਂ ਅਧਿਕਾਰੀਆਂ ਨੇ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਨੂੰ ਹੜ੍ਹ ਦੀ ਮਾਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਦੱਸਿਆ।