Jalandhar by election: ਪੰਜਾਬ ਸਰਕਾਰ ਨੇ ਜਲੰਧਰ ਜ਼ਿਮਨੀ ਚੋਣ ਜਿੱਤਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ ਤੇ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਇੱਕ ਸਾਲ ਵਿੱਚ 28 ਹਜ਼ਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਪਰ ਬੇਰੁਜ਼ਗਾਰਾਂ ਵੱਲੋਂ ਸਰਕਾਰ ਦੇ ਦਾਅਵੇ ਨੂੰ ਬੇਬੁਨਿਆਦ ਕਹਿੰਦਿਆਂ ਜਲੰਧਰ ਜ਼ਿਮਨੀ ਚੋਣ ਵਿੱਚ ਸਰਕਾਰ ਦੀ ਪੋਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਸਿਹਤ ਤੇ ਸਿੱਖਿਆ ਵਿਭਾਗ ਵਿੱਚ ਖਾਲੀ ਸਾਰੀਆਂ ਅਸਾਮੀਆਂ ਉੱਤੇ ਭਰਤੀ ਕਰਨ ਤੇ ਉਮਰ ਹੱਦ ਵਿਚ ਛੋਟ ਦੀ ਮੰਗ ਨੂੰ ਲੈ ਕੇ 7 ਮਈ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਸਥਾਨਕ ਸ਼ਹਿਰ ਵਿੱਚ ‘ਪੋਲ ਖੋਲ੍ਹ’ ਰੈਲੀ ਕੀਤੀ ਜਾਵੇਗੀ।
ਇਸ ਸਬੰਧੀ ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਤੇ ਮਲਟੀਪਰਪਜ਼ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਹਰੇਕ ਸ਼੍ਰੇਣੀ ਦੇ ਬੇਰੁਜ਼ਗਾਰਾਂ ਨਾਲ ਸੰਪਰਕ ਮੁਹਿੰਮ ਆਰੰਭੀ ਹੋਈ ਹੈ।
ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿੱਚ ਵੋਟਰਾਂ ਨੂੰ ਭਰਮਾ ਕੇ ਜਿੱਤਣ ਦੀ ਕੋਸ਼ਿਸ਼ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ। ਬੇਰੁਜ਼ਗਾਰਾਂ ਨੇ ਕਿਹਾ ਕਿ ਸਰਕਾਰ ਦਾ ਨੌਕਰੀਆਂ ਦੇਣ ਦਾ ਦਾਅਵਾ ਝੂਠਾ ਤੇ ਬੇਬੁਨਿਆਦ ਹੈ।