Jalandhar News: ਪਰਾਲੀ ਸਾੜਨ ਦੇ ਮੁੱਦੇ ਉੱਪਰ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਸਿਆਸੀ ਲੀਡਰ ਇਲਜ਼ਾਮਬਾਜ਼ੀ ਕਰ ਰਹੇ ਹਨ ਤੇ ਦੂਜੇ ਪਾਸੇ ਅਫਸਰਸ਼ਾਹੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੱਬਾਂ ਭਾਰ ਹੋ ਗਈ ਹੈ। ਇਸ ਲਈ ਅਧਿਕਾਰੀਆਂ ਵੱਲੋਂ ਮੀਟਿੰਗਾਂ ਦਾ ਦੌਰ ਵਿੱਢਿਆ ਗਿਆ ਹੈ।


ਉਧਰ, ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਖਾਤਰ ਚਲਾਈ ਜਾ ਰਹੀ ਮੁਹਿੰਮ ਵਿੱਚ ਨੰਬਰਦਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਹਰੇਕ ਪਿੰਡ ਪੱਧਰ 'ਤੇ ਠੱਲ੍ਹ ਪਾਈ ਜਾ ਸਕੇ। 



ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੰਬਰਦਾਰਾਂ ਨੂੰ ਪਰਾਲੀ ਸਾੜਨ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮਾਲ ਅਧਿਕਾਰੀ ਜਸ਼ਨਜੀਤ ਸਿੰਘ ਵੱਲੋਂ ਜ਼ਿਲ੍ਹਾ, ਤਹਿਸੀਲ ਤੇ ਸਬ ਤਹਿਸੀਲ ਪੱਧਰ 'ਤੇ ਨੰਬਰਦਾਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨੰਬਰਦਾਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਹੈ।


ਉਨ੍ਹਾਂ ਕਿਹਾ ਕਿ ਨੰਬਰਦਾਰ ਦੀ ਪਿੰਡ ਵਿਚ ਅਹਿਮ ਭੂਮਿਕਾ ਹੁੰਦੀ ਹੈ, ਜੋ ਆਪਣੇ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਨੇ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਤੇ ਆਪਣੇ ਨਾਲ ਸਬੰਧਤ ਪਿੰਡਾਂ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਤਹਿਸੀਲ ਤੇ ਸਬ ਤਹਿਸੀਲ ਪੱਧਰ 'ਤੇ ਵੀ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਨੰਬਰਦਾਰਾਂ ਨਾਲ ਮੀਟਿੰਗਾਂ ਕਰਕੇ ਸਰਕਾਰ ਦੇ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।