Jalandhar West By Election Voting: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਪੱਛਮੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ ਸੀਟ ਜਿੱਤਣ ਲਈ, ਪਰ ਜਲੰਧਰ ਪੱਛਮੀ ਦੇ ਵੋਟਰ ਅੱਜ ਤੈਅ ਕਰ ਦੇਣਗੇ ਕਿ ਉਹਨਾਂ ਨੇ ਕਿਹੜੀ ਪਾਰਟੀ ਨੂੰ ਚੁਣਨਾ ਹੈ। ਇਸ  ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।


 ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ 'ਆਪ' ਦੇ ਵਿਧਾਇਕ ਸ਼ੀਤਲ ਅੰਗਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਤੋਂ ਬਾਅਦ ਉਹਨਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ। 


 


ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 171963 ਵੋਟਰਾਂ, ਜਿਨ੍ਹਾਂ ਵਿੱਚ 89629 ਪੁਰਸ਼, 82326 ਮਹਿਲਾ ਅਤੇ 08 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ।  



ਉਨ੍ਹਾ ਦੱਸਿਆ ਕਿ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ (ਰਿਜ਼ਰਵ ਸਮੇਤ) ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। 
ਡਾ. ਅਗਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਸ਼ਾਮਿਆਨੇ, ਛਬੀਲ ਆਦਿ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਡਬਲਯੂ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹ ਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।