Jalandhar News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਅੱਜ ਜਲੰਧਰ ਦਾ ਅਚਨਚੇਤ ਦੌਰਾ ਕਰਕੇ ਟਰਾਂਸਪੋਰਟ ਵਿਭਾਗ ਵਿੱਚ ਹਲਚਲ ਮਚਾ ਦਿੱਤੀ। ਉਨ੍ਹਾਂ ਸਵੇਰੇ ਸਾਢੇ ਸੱਤ ਵਜੇ ਸਭ ਤੋਂ ਪਹਿਲਾਂ ਆਰਟੀਓ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਤੋਂ ਬਾਅਦ ਉਹ ਸਰਕਾਰੀ ਅਮਲੇ ਨਾਲ ਰਾਮਾਮੰਡੀ ਚੌਕ ਪੁੱਜੇ। ਉੱਥੇ ਨਾਕਾ ਲਾ ਕੇ ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਬੱਸਾਂ ਵਿੱਚ ਸਵਾਰ ਮੁਸਾਫਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੱਸਾਂ ਦੇ ਕਾਗਜ਼ਾਤ ਚੈੱਕ ਕੀਤੇ। ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪ੍ਰਾਈਵੇਟ ਟਰਾਂਸਪੋਰਟ ਕੰਪਨੀ ਦੀਆਂ 30 ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 5 ਬੱਸਾਂ ਦੇ ਦਸਤਾਵੇਜ਼ ਸਹੀ ਨਹੀਂ ਸੀ ਜਾਂ ਦਸਤਾਵੇਜ਼ ਪੂਰੇ ਨਹੀਂ ਸੀ। ਇਸ ਲਈ ਮੰਤਰੀ ਨੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਬਤ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਖੁਦ ਬੱਸਾਂ 'ਚ ਸਵਾਰ ਹੋ ਕੇ ਸਵਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਤੋਂ ਯਾਤਰਾ ਦੌਰਾਨ ਦਰਪੇਸ਼ ਮੁਸ਼ਕਲਾਂ ਬਾਰੇ ਪੁੱਛਿਆ ਗਿਆ। ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ ਨੂੰ ਵੀ ਅੰਨ੍ਹੇਵਾਹ ਵਾਹਨਾਂ ਨਾ ਚਲਾਉਣ ਦੀ ਸਲਾਹ ਦਿੱਤੀ। ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।