Jalandhar News: ਖਾੜੀ ਦੇਸ਼ਾਂ 'ਚ ਵਿਕ ਰਹੀਆਂ ਪੰਜਾਬ ਦੀਆਂ ਮੁਟਿਆਰਾਂ, ਹੋਸ਼ ਉਡਾ ਦੇਣ ਵਾਲੇ ਖੁਲਾਸੇ, ਸੰਸਦ 'ਚ ਗੂੰਜਿਆ ਮੁੱਦਾ
Jalandhar News: ਪੰਜਾਬ ਦੀਆਂ ਮੁਟਿਆਰਾਂ ਖਾੜੀ ਦੇਸ਼ਾਂ ਵਿੱਚ ਵਿਕ ਰਹੀਆਂ ਹਨ। ਰੋਜ਼ੀ-ਰੋਟੀ ਕਮਾਉਣ ਗਈਆਂ ਪੰਜਾਬ ਦੀਆਂ ਧੀਆਂ ਨੂੰ ਧੋਖੇ ਨਾਲ ਖੇੜੀ ਦੇਸ਼ਾਂ ਵਿੱਚ ਵੇਚਿਆ ਜਾ ਰਿਹਾ ਹੈ। ਇਹ ਕੰਮ ਟਰੈਵਲ ਏਜੰਟਾਂ
Jalandhar News: ਪੰਜਾਬ ਦੀਆਂ ਮੁਟਿਆਰਾਂ ਖਾੜੀ ਦੇਸ਼ਾਂ ਵਿੱਚ ਵਿਕ ਰਹੀਆਂ ਹਨ। ਰੋਜ਼ੀ-ਰੋਟੀ ਕਮਾਉਣ ਗਈਆਂ ਪੰਜਾਬ ਦੀਆਂ ਧੀਆਂ ਨੂੰ ਧੋਖੇ ਨਾਲ ਖੇੜੀ ਦੇਸ਼ਾਂ ਵਿੱਚ ਵੇਚਿਆ ਜਾ ਰਿਹਾ ਹੈ। ਇਹ ਕੰਮ ਟਰੈਵਲ ਏਜੰਟਾਂ ਅੰਤਰਰਾਸ਼ਟਰੀ ਗਰੋਹ ਕਰ ਰਿਹਾ ਹੈ। ਖਾੜੀ ਦੇਸ਼ਾਂ ਤੋਂ ਪਰਤ ਕੇ ਆਈਆਂ ਪੰਜ ਦਰਜ ਦੇ ਕਰੀਬ ਔਰਤਾਂ ਨੇ ਹੋਸ਼ ਉਡਾ ਦੇਣ ਵਾਲੇ ਖੁਲਾਸੇ ਕੀਤੇ ਹਨ।
ਦਰਅਸਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਔਰਤਾਂ ਦੀ ਤਸਕਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਖਾੜੀ ਦੇਸ਼ਾਂ ਤੋਂ 60 ਦੇ ਕਰੀਬ ਔਰਤਾਂ ਨੂੰ ਭਾਰਤ ਵਾਪਸ ਲੈ ਕੇ ਆਏ ਹਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਟਰੈਵਲ ਏਜੰਟ ਗਰੀਬ ਘਰਾਂ ਦੀਆਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਝਾਂਸਾ ਦੇ ਕੇ ਵਿਜ਼ਟਰ ਵੀਜ਼ੇ 'ਤੇ ਖਾੜੀ ਦੇਸ਼ਾਂ 'ਚ ਵੇਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘਰ ਜਾਂ ਰੈਸਟੋਰੈਂਟ ਵਿੱਚ ਕੰਮ ਕਰਨ ਦਾ ਝਾਂਸਾ ਦਿੱਤਾ ਜਾਂਦਾ ਹੈ ਤੇ 35 ਤੋਂ 40 ਹਜ਼ਾਰ ਰੁਪਏ ਤਨਖਾਹ ਦਾ ਝੂਠਾ ਭਰੋਸਾ ਦਿੱਤਾ ਜਾਂਦਾ ਹੈ। ਫਿਰ ਔਰਤਾਂ ਨੂੰ ਅਰਬੀ ਵਿੱਚ ਲਿਖੇ ਇਕਰਾਰਨਾਮੇ 'ਤੇ ਦਸਤਖਤ ਕਰਨ ਲਈ ਕਿਹਾ ਜਾਂਦਾ ਹੈ। ਇਸ ਦਾ ਉਹ ਨਾਜਾਇਜ਼ ਫਾਇਦਾ ਉਠਾ ਰਹੇ ਹਨ।
ਦਰਅਸਲ ਇਹ ਟਰੈਵਲ ਏਜੰਟਾਂ ਦਾ ਇੱਕ ਵੱਡਾ ਸਮੂਹ ਹੈ, ਜਿਨ੍ਹਾਂ ਦਾ ਨੈੱਟਵਰਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਫੈਲਿਆ ਹੋਇਆ ਹੈ। ਖਾੜੀ ਦੇਸ਼ਾਂ ਤੋਂ ਵਾਪਸ ਆਈਆਂ ਲੜਕੀਆਂ ਨੇ ਖੁਲਾਸਾ ਕੀਤਾ ਹੈ ਕਿ ਇਨ੍ਹਾਂ ਵਿੱਚ ਨੇਪਾਲ ਤੇ ਹੋਰ ਦੇਸ਼ਾਂ ਦੀਆਂ ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਗਰੋਹ ਅੰਤਰਰਾਸ਼ਟਰੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਔਰਤਾਂ ਨੂੰ ਇਰਾਕ ਵਰਗੇ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ, ਜਿੱਥੇ ਜਾਣਾ ਬਹੁਤ ਮੁਸ਼ਕਲ ਹੈ।
ਸੰਤ ਸੀਚੇਵਾਲ ਨੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਲਈ ਖਾੜੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਸਦਨ ਰਾਹੀਂ ਵਿਦੇਸ਼ ਮੰਤਰਾਲੇ ਨੂੰ ਇਸ ਰੈਕੇਟ ਵਿੱਚ ਸ਼ਾਮਲ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਤੇ ਦੇਸ਼ ਦੀਆਂ ਔਰਤਾਂ/ਲੜਕੀਆਂ ਨੂੰ ਵਿਦੇਸ਼ਾਂ ਵਿੱਚ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਬੇਨਤੀ ਵੀ ਕੀਤੀ।