Ludhiana News: ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਸਰਾਭਾ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟਾਂ ਦਾ ਐਲਾਨ
ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਨੇ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਪਿੰਡ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ।
ਲੁਧਿਆਣਾ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗੀ।
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ 5 ਰੋਜ਼ਾ ਖੇਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਿੰਪਾ ਨੇ ਕਿਹਾ ਕਿ ਸਾਡਾ ਦੇਸ਼ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਸਨ ਜਿਨ੍ਹਾਂ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗੀ।
ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਨੇ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਪਿੰਡ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ।
ਪਿੰਡ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ ‘ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਲੋੜੀਂਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਅਧਿਕਾਰੀਆਂ ਨੂੰ ਤਜਵੀਜ਼ ਭੇਜਣ ਲਈ ਕਿਹਾ।
ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਦੇ ਮੁੱਖ ਚੌਕ ਵਿੱਚ ਸਥਿਤ ਉਨ੍ਹਾਂ ਦੀ ਯਾਦਗਾਰ ਅਤੇ ਫਿਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਖੇ ਜਾ ਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿੱਚ ਉਨ੍ਹਾਂ ਪਿੰਡ ਦੇ ਮੈਦਾਨ ਵਿੱਚ ਚੱਲ ਰਹੇ 5 ਰੋਜ਼ਾ ਖੇਡ ਮੇਲੇ ਦਾ ਵੀ ਦੌਰਾ ਕੀਤਾ।
ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।