108 ਐਂਬੂਲੈਂਸ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਜਾਰੀ, ਕੌਮੀ ਹਾਈਵੇ ਜਾਮ ਕਰਨ ਦੀ ਚੇਤਾਵਨੀ
ਇਸ ਹੜਤਾਲ ਨਾਲ ਮਰੀਜ਼ਾਂ ਅਤੇ ਸੜਕੀ ਹਾਦਸਿਆਂ ਵਿੱਚ ਸ਼ਿਕਾਰ ਹੋਣ ਵਾਲੇ ਜ਼ਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Punjab News: ਲੁਧਿਆਣਾ ਦੇ ਨਜਦੀਕ ਲਾਡੋਵਾਲ ਟੋਲ ਪਲਾਜ਼ਾ ਹਾਈਵੇ ’ਤੇ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ 108 ਐਂਬੂਲੈਂਸ ਗੱਡੀਆਂ ਵਿੱਚ ਤਾਇਨਾਤ ਠੇਕਾ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ। ਇਸ ਹੜਤਾਲ ਨਾਲ ਮਰੀਜ਼ਾਂ ਅਤੇ ਸੜਕੀ ਹਾਦਸਿਆਂ ਵਿੱਚ ਸ਼ਿਕਾਰ ਹੋਣ ਵਾਲੇ ਜ਼ਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਉਹ ਨੈਸ਼ਨਲ ਹਾਂਈਵੇ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦਾ ਸਮਰਥਨ ਕਰਨ ਲਈ ਹੋਰ ਜਥੇਬੰਦੀਆਂ ਵੀ ਤਿਆਰ ਹਨ।
ਜ਼ਿਕਰ ਕਰ ਦਈਏ ਕਿ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ 108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਬੇਸਿੱਟਾ ਰਹੀ। ਸਿਹਤ ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲ ਦੀ ਘੜੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋਈ ਹੈ।
108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਦੱਸਿਆ ਸੀ ਕਿ ਯੂਨੀਅਨ ਨੇ ਮੀਟਿੰਗ ਵਿੱਚ ਆਪਣੀਆਂ ਮੰਗਾਂ ਮੰਨਣ ਦੀ ਗੱਲ ਰੱਖੀ, ਪਰ ਮੰਤਰੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।
ਹਰਿਆਣਾ ਦੀ ਤਰਜ਼ 'ਤੇ ਤਨਖਾਹ ਦੀ ਮੰਗ
108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਉਨ੍ਹਾਂ ਨੂੰ ਵੀ ਠੇਕਾ ਪ੍ਰਥਾ ਤੋਂ ਮੁਕਤ ਕਰਕੇ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਹਰਿਆਣਾ ਦੀ ਤਰਜ਼ 'ਤੇ ਤਨਖਾਹ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ। ਕੰਪਨੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਜਦੋਂਕਿ ਕੰਪਨੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮਾਪਦੰਡਾਂ ਮੁਤਾਬਕ ਤਨਖਾਹ ਦਿੱਤੀ ਜਾ ਰਹੀ ਹੈ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।