Ludhiana News: ਲੁਧਿਆਣਾ ਦੀ ਦਿਵਿਆ ਕਾਲੋਨੀ ਦੇ 33 ਫੁੱਟਾ ਰੋਡ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।


ਮ੍ਰਿਤਕ ਦੀ ਪਛਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜੇ ਨਸ਼ੀਲੇ ਟੀਕੇ ਵੀ ਮਿਲੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।


ਦਿਵਿਆ ਕਲੋਨੀ ਦੇ ਵਸਨੀਕ ਰਿੰਕੂ ਨੇ ਦੱਸਿਆ ਕਿ ਇਸ ਕਲੋਨੀ ਦੀ ਹਾਲਤ ਖਸਤਾ ਹੈ। ਚਿੱਟਾ ਇੱਥੇ ਸ਼ਰੇਆਮ ਵਿਕ ਰਹੀ ਹੈ। ਲੋਕ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਤੋਂ ਡਰਦੇ ਹਨ। ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਕਾਰਨ ਆਪਣੀ ਜਾਨ ਗੁਆ ​​ਰਿਹਾ ਹੈ।


ਜ਼ਿਕਰ ਕਰ ਦਈਏ ਕਿ ਤੜਕਸਾਰ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ ਪਿਆ ਸੀ ਅਤੇ ਨਸ਼ੇ ਦੇ ਟੀਕੇ ਲਗਾਉਣ ਲਈ ਇੱਕ ਸਰਿੰਜ ਵੀ ਉਸ ਦੇ ਕੋਲ ਪਈ ਸੀ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੰਚਨਾਮਾ ਤਿਆਰ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। 


ਜ਼ਿਕਰ ਕਰ ਦਈਏ ਪੰਜਾਬ ਵਿੱਚ ਅਜਿਹਾ ਕੋਈ ਦਿਨ ਨਹੀਂ ਆਉਂਦਾ ਜਿਸ ਦਿਨ ਕਿਸੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨਾ ਹੋਈ ਹੋਵੇ। ਇਸ ਨੂੰ ਲੈ ਕੇ ਸਰਕਾਰ ਖ਼ਿਲਾਫ਼ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਹਰ ਸਰਕਾਰ ਨਸ਼ੇ ਲਈ ਪਿਛਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਡਿਊਟੀ ਤੋਂ ਫਾਰਗ ਹੋ ਜਾਂਦੀ ਹੈ। ਪਰ ਇੱਥੇ ਸਵਾਲ ਇਹ ਹੈ ਕਿ ਨਸ਼ੇ ਨੂੰ ਰੋਕਣ ਲਈ ਕੋਈ ਸਖ਼ਤ ਕਦਮ ਕਿਉਂ ਨਹੀਂ ਚੁੱਕਿਆ ਜਾ ਰਿਹਾ।
ਗੌਰ ਕਰਨ ਵਾਲੀ ਗੱਲ ਹੈ ਕਿ ਨਸ਼ਾ ਛਡਾਊ ਕੇਂਦਰ ਖੋਲ੍ਹੇ ਗਏ ਹਨ ਤਾਂ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ। ਇਸ ਦੇ ਬਾਵਜੂਦ ਕਈ ਲੋਕ ਅਜਿਹੇ ਹਨ, ਜੋ ਕਿ ਨਸ਼ੇ ਦੇ ਆਦੀ ਹਨ ਤੇ ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜਾਨ ਗੁਆ ਰਹੇ ਹਨ।