Ludhiana News: ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੁਧਿਆਣਾ ਆਉਣਗੇ। ਅੱਜ ਉਹ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਸਮਾਗਮ ਦੌਰਾਨ ਸਮਾਗਮ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪੰਜਾਬ ਦੇ ਨਵੇਂ ਬਣੇ ਸਰਪੰਚਾਂ ਨੂੰ ਸਹੁੰ ਚੁਕਵਾਉਣਗੇ।
19 ਜ਼ਿਲ੍ਹਿਆਂ ਦੇ ਸਰਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
ਦੱਸ ਦਈਏ ਕਿ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਮੁੱਖ ਮੰਤਰੀ ਨੇ ਚੋਣਾਂ ਵੇਲੇ ਲੋਕਾਂ ਨੂੰ ਕੀਤੀ ਸੀ ਆਹ ਅਪੀਲ
ਦੱਸ ਦਈਏ ਕਿ ਪੰਚਾਇਤੀ ਚੋਣਾਂ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਵਾਰ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।