Ludhiana News: 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ 'ਤੇ ਪੰਜਾਬ ਨੂੰ ਇੱਕ ਸਾਲ ਅੰਦਰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਹੈ। ਇਸ ਲਈ ਨਸ਼ਿਆਂ ਵਿਰੁੱਧ ਮਜ਼ਬੂਤ ਤੇ ਬਿਹਤਰ ਢਾਂਚਾ ਤਿਆਰ ਕਰਨ ਦਾ ਦਾਅਵਾ ਕੀਤਾ ਹੈ। ਸੀਐਮ ਦਾ ਇਹ ਨਸ਼ਾ ਮੁਕਤ ਵਿਜ਼ਨ ਸ਼ੁਰੂ ਹੋ ਗਿਆ ਹੈ। ਐਸਐਸਪੀ ਅਮਨੀਤ ਕੌਂਡਲ ਦੀਆਂ ਹਦਾਇਤਾਂ 'ਤੇ ਖੰਨਾ ਪੁਲਿਸ ਨੇ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਕਲੀਨ ਸ਼ੁਰੂ ਕੀਤਾ ਹੈ। ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਇਹ ਮੁਹਿੰਮ ਚਲਾਈ ਗਈ ਹੈ।  


ਸ਼ੁਰੂ ਵਿੱਚ ਨਸ਼ੇ ਦੇ ਆਦੀ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਨਸ਼ਾ ਛੁਡਾਊ ਕੇਂਦਰਾਂ ਤੋਂ ਡਾਟਾ ਲੈ ਕੇ ਪਤਾ ਲਾਇਆ ਜਾ ਰਿਹਾ ਹੈ ਕਿ ਕੌਣ ਕਿੰਨੇ ਸਮੇਂ ਤੋਂ ਨਸ਼ਾ ਛੱਡਣ ਦੀਆਂ ਕਿੰਨੀਆਂ ਖੁਰਾਕਾਂ ਲੈ ਰਿਹਾ ਹੈ। ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦਾ ਇਲਾਜ ਕਰਾਇਆ ਜਾਵੇਗਾ। ਪੁਲਿਸ ਨਸ਼ਾ ਵਿਕਰੀ ਲਈ ਬਦਨਾਮ ਥਾਵਾਂ ਦੀ ਵੀ ਸੂਚੀ ਬਣਾ ਰਹੀ ਹੈ। ਉੱਥੇ ਵੀ ਵੱਡੇ ਪੱਧਰ ਉਪਰ ਐਕਸ਼ਨ ਕੀਤਾ ਜਾਵੇਗਾ।  



ਡੀਐਸਪੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿੱਚ ਸਕਰੀਨਿੰਗ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਡੀਐਸਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਐਸਐਸਪੀ ਵੱਲੋਂ ਹਦਾਇਤਾਂ ਹਨ ਕਿ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹਨ ਤੇ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਲਈ ਸਕਰੀਨਿੰਗ ਕੀਤੀ ਜਾਵੇ। ਅਜਿਹੇ ਨੌਜਵਾਨਾਂ ਦਾ ਇਲਾਜ ਕਰਾਇਆ ਜਾਵੇਗਾ। ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਜਾਵੇਗਾ। 



ਡੀਐਸਪੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਤੇ ਸਿਵਲ ਪ੍ਰਸ਼ਾਸਨ ਮਿਲ ਕੇ ਇਹੋ ਜਿਹੇ ਵਿਅਕਤੀਆਂ ਦਾ ਇਲਾਜ ਕਰਵਾਏਗੀ। ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਨੇ ਕਿਹਾ ਕਿ ਅੱਜਕੱਲ੍ਹ ਨਸ਼ੇ ਦੇ ਆਦੀ ਲੋਕ ਗਲਤ ਤਰੀਕਿਆਂ ਦੀ ਵਰਤੋਂ ਕਰ ਰਹੇ ਹਨ। ਨਸ਼ੇ ਦੀ ਗੋਲੀ ਲੈਣ ਤੋਂ ਬਾਅਦ ਇਸਨੂੰ ਪਾਣੀ ਵਿੱਚ ਘੋਲ ਲੈਂਦੇ ਹਨ ਤੇ ਨੋਰਫਿਨ ਦਾ ਟੀਕਾ ਬਣਾ ਕੇ ਲਾਉਂਦੇ ਹਨ। ਇਸ ਦੀ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ।  ਇਸ ਨੂੰ ਰੋਕਣਾ ਸਮੇਂ ਦੀ ਲੋੜ ਹੈ। ਸਰਕਾਰ ਅਤੇ ਪੁਲਿਸ ਨੇ ਚੰਗਾ ਕੰਮ ਕੀਤਾ ਹੈ।