Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵੱਲੋਂ ਸਰੀਰਕ ਸ਼ੋਸ਼ਣ, ਛੇੜਛਾੜ ਦੀ ਕੀਤੀ ਸ਼ਿਕਾਇਤ ਤੋਂ ਬਾਅਦ ਪੀਏਯੂ ਦੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਦਿਆਰਥੀ ਯੂਨੀਅਨ ਦੇ ਅਲਟੀਮੇਟਮ ਮਗਰੋਂ ਯੂਨੀਵਰਸਿਟੀ ਨੇ ਇਹ ਐਕਸ਼ਨ ਲਿਆ ਹੈ। ਬੀਤੇ ਦਿਨ ਪੀਏਯੂ ਦੀ ਵਿਦਿਆਰਥੀ ਯੂਨੀਅਨ ਨੇ ਪ੍ਰੋਫੈਸਰ ’ਤੇ ਕਾਰਵਾਈ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਸੀ। 


ਦੱਸ ਦਈਏ ਕਿ ਛੇੜਛਾੜ ਸਬੰਧੀ ਕੁਝ ਦਿਨ ਪਹਿਲਾਂ ਵੀਡੀਓ ਵਾਇਰਲ ਹੋਈ ਸੀ। ਇਸ ਮਗਰੋਂ ਮੰਗਲਵਾਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਪੂਰਥਲਾ ਬਦਲੀ ਕੀਤੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਹੈ। ਐਡੀਸ਼ਨਲ ਡਾਇਰੈਕਟਰ ਕਮਿਊਨੀਕੇਸ਼ਨ ਡਾ. ਟੀਐਸ ਰਿਆੜ ਨੇ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਚੱਲ ਰਹੀ ਸੀ। ਡਾ. ਰਿਆੜ ਨੇ ਕਿਹਾ ਕਿ ਜਦੋਂ ਇੱਕ ਹੋਰ ਵਿਦਿਆਰਥਣ ਨੇ ਸਬੂਤਾਂ ਸਣੇ ਸਬੰਧਤ ਪ੍ਰੋਫੈਸਰ ’ਤੇ ਦੋਸ਼ ਲਾਏ ਤਾਂ ਉਨ੍ਹਾਂ ਦੇ ਅਧਾਰ ’ਤੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ।


ਦੱਸ ਦਈਏ ਕਕਿ ਇੱਕ ਹਫ਼ਤਾ ਪਹਿਲਾਂ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖ ਕੇ ਇੱਕ ਵਿਦਿਆਰਥਣ ਦੇ ਜਿਨਸੀ ਸ਼ੋਸ਼ਣ ਨੂੰ ਉਜਾਗਰ ਕੀਤਾ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਦੀ ਪ੍ਰਧਾਨਗੀ ਐਗਰੀਕਲਚਰ ਕਾਲਜ ਦੀ ਡੀਨ ਰਵਿੰਦਰ ਕੌਰ ਧਾਲੀਵਾਲ ਨੇ ਕੀਤੀ। 



ਮੁੱਢਲੀ ਜਾਂਚ ਵਿੱਚ ਕਮੇਟੀ ਨੇ ਡਾਕਟਰ ਯੁਵਰਾਜ ਸਿੰਘ ਪਾਂਧਾ ਨੂੰ ਦੋਸ਼ੀ ਪਾਇਆ ਹੈ। ਯੂਨੀਵਰਸਿਟੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਕਮੇਟੀ ਨੇ ਪਾਇਆ ਕਿ ਪ੍ਰੋਫੈਸਰ ਨੇ ਵਿਦਿਆਰਥੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜੇ ਸਨ। ਇਸ ਤੋਂ ਬਾਅਦ ਪ੍ਰੋਫੈਸਰ ਨੂੰ ਕਪੂਰਥਲਾ ਦੇ ਪੀਏਯੂ ਰਿਸਰਚ ਸਟੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ।


ਇਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਇੱਕ ਹੋਰ ਸਾਬਕਾ ਵਿਦਿਆਰਥਣ ਦੀ ਸ਼ਿਕਾਇਤ ਵੀ ਮਿਲੀ ਤੇ ਜਾਂਚ ਤੋਂ ਬਾਅਦ ਅਧਿਕਾਰੀਆਂ ਨੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਹੈ। ਕਮੇਟੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।