(Source: ECI/ABP News)
ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ: ਸੀਐਮ ਭਗਵੰਤ ਮਾਨ
Ludhiana News: ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਹੈ। ਵਾਜਬ ਕੀਮਤਾਂ ਉਤੇ ਰੇਤਾ ਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।
![ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ: ਸੀਐਮ ਭਗਵੰਤ ਮਾਨ Bad deeds will be brought to account from those who rob people by conniving with sand mafia: CM maan ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ: ਸੀਐਮ ਭਗਵੰਤ ਮਾਨ](https://feeds.abplive.com/onecms/images/uploaded-images/2023/02/05/4ab7a81c266528144d4f6a29d29f81a41675591007717647_original.png?impolicy=abp_cdn&imwidth=1200&height=675)
Ludhiana News: ਆਖਰ ਲੋਕਾਂ ਨੂੰ ਸਹੀ ਰੇਟ ਉੱਪਰ ਰੇਤ ਮਿਲਣ ਦੀ ਆਸ ਬੱਝੀ ਹੈ। ਵਾਜਬ ਕੀਮਤਾਂ ਉਤੇ ਰੇਤਾ ਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ। ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਫੈਲੀਆਂ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਦਬਦਬਾ ਬਣਾ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰੇਕ ਜਨਤਕ ਖੱਡ ਤੋਂ 5.50 ਰੁਪਏ ਕਿਊਬਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹਾਸਲ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਤੇ ਹਰੇਕ ਜਨਤਕ ਖੱਡ ਵਾਲੀ ਥਾਂ 'ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਤੇ ਅਗਲੇ ਮਹੀਨੇ ਤੱਕ ਸੂਬੇ ਭਰ ਵਿੱਚ ਅਜਿਹੀਆਂ 50 ਹੋਰ ਖੱਡਾਂ ਚਾਲੂ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਇੱਕ ਐਪ ਲਾਂਚ ਕੀਤੀ ਗਈ ਹੈ ਜੋ ਗੂਗਲ ਮੈਪਸ ਨਾਲ ਜੁੜੀ ਹੋਵੇਗੀ ਅਤੇ ਵਿਅਕਤੀ ਨੂੰ ਨੇੜੇ ਦੀ ਜਨਤਕ ਖੱਡ ਬਾਰੇ ਜਾਣੂੰ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।
ਇਹ ਵੀ ਪੜ੍ਹੋ: BJP ਲਈ ਸੁਖਾਲੀ ਨਹੀਂ 2024 ਦੀਆਂ ਆਮ ਚੋਣਾਂ! PM ਮੋਦੀ ਅਤੇ ਸ਼ਾਹ ਨੂੰ ਇਹ ਗੱਲਾਂ ਜ਼ਰੂਰ ਚਿੰਤਾ ‘ਚ ਪਾ ਦੇਣਗੀਆਂ
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਰੇਤਾ-ਬੱਜਰੀ ਦੀ ਵਿਕਰੀ ਅਤੇ ਖਰੀਦ ਵਿਚ ਵਿਚੋਲਿਆਂ ਨੂੰ ਖਤਮ ਕਰੇਗਾ, ਜਿਸ ਨਾਲ ਆਮ ਆਦਮੀ ਵੱਧ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਵਿੱਚੋਂ ਸਭ ਤੋਂ ਘੱਟ ਕੀਮਤ 'ਤੇ ਰੇਤ ਲੋਕਾਂ ਲਈ ਮੌਜੂਦ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਦੀ ਮੌਜੂਦਗੀ ਖੁਦ-ਬ-ਖੁਦ ਹੀ ਕੀਮਤਾਂ ਨੂੰ ਪ੍ਰਭਾਵਿਤ ਕਰੇਗੀ ਜਿਸ ਨਾਲ ਕੀਮਤਾਂ ਹੇਠਲੇ ਪੱਧਰ 'ਤੇ ਸਥਿਰ ਹੋਣਗੀਆਂ ਕਿਉਂਕਿ ਇਹ ਖੱਡਾਂ ਆਮ ਲੋਕਾਂ ਲਈ ਸਸਤੀ ਰੇਤ ਖਰੀਦਣ ਲਈ ਨਿਯਮਤ ਬਦਲ ਪੇਸ਼ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀਸੀਟੀਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ 'ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ 'ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੇਤ ਮਾਫੀਆ ਜਿਸ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਪੈਰ ਪਸਾਰੇ ਹੋਏ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਰੇਤ ਦੀਆਂ ਖੱਡਾਂ ਰਾਹੀਂ ਗੈਰ-ਕਾਨੂੰਨੀ ਪੈਸਾ ਇਕੱਠਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਨਾਲ ਇਹ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਕੀਤਾ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)