Ludhiana News: ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਭਰਿਆ ਫਾਰਮ
Ludhiana News: ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ।
Ludhiana News: ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ।
ਹਾਸਲ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤਕ ਇੱਕ ਲੱਖ ਤੋਂ ਵੱਧ ਫਾਰਮ ਭਰਵਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਹਸਪਤਾਲ ’ਚ ਜ਼ੇਰੇ ਇਲਾਜ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ।
ਬਾਪੂ ਸੂਰਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਸਬੰਧੀ ਫਾਰਮ ਭਰਿਆ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਪ੍ਰਫੌਰਮੇ ਭਰਵਾ ਕੇ ਸ਼੍ਰੋਮਣੀ ਕਮੇਟੀ ਕੋਲ ਪਹੁੰਚਾਉਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਤੇ ਇਸ ਸਬੰਧ ਵਿੱਚ ਸੰਘਰਸ਼ ਕਰਨ ਵਾਲੇ ਹਰ ਇਨਸਾਨ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।