Ludhiana News: ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ।

ਹਾਸਲ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤਕ ਇੱਕ ਲੱਖ ਤੋਂ ਵੱਧ ਫਾਰਮ ਭਰਵਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਹਸਪਤਾਲ ’ਚ ਜ਼ੇਰੇ ਇਲਾਜ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ।

ਬਾਪੂ ਸੂਰਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਸਬੰਧੀ ਫਾਰਮ ਭਰਿਆ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਪ੍ਰਫੌਰਮੇ ਭਰਵਾ ਕੇ ਸ਼੍ਰੋਮਣੀ ਕਮੇਟੀ ਕੋਲ ਪਹੁੰਚਾਉਣਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਤੇ ਇਸ ਸਬੰਧ ਵਿੱਚ ਸੰਘਰਸ਼ ਕਰਨ ਵਾਲੇ ਹਰ ਇਨਸਾਨ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਗਟਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦਿੱਤਾ ਗਿਆ ਸੀ।  ਉਨ੍ਹਾਂ ਕਿਹਾ ਸੀ ਕਿ ਤਿੰਨ ਦਹਾਕਿਆਂ ਤੋਂ ਸਿੱਖ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਹਨ ਤੇ ਇਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਜਿਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ,  ਭਾਈ ਪਰਮਜੀਤ ਸਿੰਘ ਭਿਓਰਾ ਤੇ ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰ ਸਿੱਖ ਸ਼ਾਮਲ ਹਨ।