Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿੱਚ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 6,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਸੀ।


ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।