Ludhiana News: ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਚੋਣ ਇੰਚਾਰਜ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਹੈ ਕਿ ਪਹਿਲੇ ਪੰਜ ਪੜਾਵਾਂ ’ਚ ਕਾਂਗਰਸ ਤੇ ਉਸ ਦੀ ਸਹਿਯੋਗੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਨੂੰ ਸਪੱਸ਼ਟ ਬਹੁਮਤ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 19 ਅਪਰੈਲ ਨੂੰ ਦੱਖਣੀ ਭਾਰਤ ਵਿੱਚੋਂ ਭਾਜਪਾ ਦਾ ਸਫਾਇਆ ਹੋ ਗਿਆ ਸੀ ਤੇ ਦੇਸ਼ ਦੇ ਬਾਕੀ ਰਾਜਾਂ ਵਿੱਚ ਭਾਜਪਾ ਸੀਟਾਂ ਅੱਧੀਆਂ ਰਹਿ ਗਈਆਂ ਹਨ। ਉਨ੍ਹਾਂ ਆਖਿਆ ਕਿ 4 ਜੂਨ ਨੂੰ ਭਾਜਪਾ ਕੇਂਦਰ ਦੀ ਸੱਤਾ ਤੋਂ ਲਾਂਭੇ ਹੋ ਜਾਵੇਗੀ।
ਜੈਰਾਮ ਰਮੇਸ਼ ਨੇ ਲੰਘੇ ਦਿਨ ਲੁਧਿਆਣਾ ’ਚ ਪੱਤਰਕਾਰ ਮਿਲਣੀ ਦੌਰਾਨ ਆਖਿਆ ਕਿ ਚੋਣਾਂ ਦੀ ਸ਼ੁਰੂਆਤ ਤੋਂ ਹੀ ਕਾਂਗਰਸ ਤੇ ਇੰਡੀਆ ਗੱਠਜੋੜ ’ਚ ਲੋਕਾਂ ਨੇ ਪੂਰਨ ਭਰੋਸਾ ਦਿਖਾਇਆ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਹਰੇਕ ਵਰਗ ’ਤੇ ਆਪਣਾ ਧਿਆਨ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਤੇ ਇੰਡੀਆ ਗੱਠਜੋੜ 5 ਮੁੱਖ ਗਾਰੰਟੀਆਂ ਦੀ ਗੱਲ ਕਰਦਾ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਨਿਆਂ ਕਰਨਾ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਉਤਪਾਦਨ ਦੀ ਕੁੱਲ ਲਾਗਤ ਦਾ ਡੇਢ ਗੁਣਾ ਐਮਐਸਪੀ ਲਾਗੂ ਕਰਨ ਲਈ ਇੱਕ ਵਿਸ਼ੇਸ਼ ਕਾਨੂੰਨ ਬਣਾਉਣਾ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਨਜਾਤੀਆਂ ਤੇ ਹੋਰ ਪਛੜੇ ਵਰਗਾਂ ਦੀ ਗਿਣਤੀ ਨੂੰ ਸਹੀ ਤਰੀਕੇ ਨਾਲ ਨਿਰਧਾਰਿਤ ਕਰਨ ਲਈ ਜਾਤੀ ਜਨਗਣਨਾ ਕਰਾਉਣ ਦਾ ਕਾਂਗਰਸ ਦਾ ਵਾਅਦਾ ਹੈ ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਰਾਂਖਵਾਕਰਨ ਦਾ ਸਹੀ ਹਿੱਸਾ ਮਿਲ ਸਕੇ। ਇਸ ਦੇ ਨਾਲ ਕਾਂਗਰਸ 50 ਫੀਸਦੀ ਰਾਖਵਾਂ ਸੀਮਾ ਤੋਂ ਜ਼ਿਆਦਾ ਵਾਲੇ ਸੂਬਿਆਂ ਨੂੰ ਮੁੱਢਲੀ ਸੁਰੱਖਿਆ ਪ੍ਰਦਾਨ ਕਰੇਗੀ ਜਿਵੇਂ ਕਿ ਤਾਮਿਲਨਾਡੂ ’ਚ ਦੇਖਿਆ ਗਿਆ ਹੈ। ਕਾਂਗਰਸ ਸੰਵਿਧਾਨ ਦੇ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ। ਜੈਰਾਮ ਰਮੇਸ਼ ਨੇ ਮਹੱਤਵਪੂਰਨ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਦੀ ਨਿਖੇਧੀ ਕੀਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।