Punjab News: ਬੀਤੀ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਹੋਇਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

ਮੁੱਖ ਮੰਤਰੀ ਨੇ ਟਵਿੱਟਰ 'ਤੇ ਲਿਖਿਆ, "ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ" 

 

ਜ਼ਿਕਰਯੋਗ ਹੈ ਕਿ ਬੀਤੀ ਰਾਤ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਉੱਥੇ ਹੀ ਡੀਸੀਪੀ ਜਸਕਰਨ ਸਿੰਘ ਤੇਜਾ ਨੇ 'ਆਪ' ਵਿਧਾਇਕ ਦੀ ਮੌਤ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਹ ਘਟਨਾ ਦੇਰ ਰਾਤ 12 ਵਜੇ ਵਾਪਰੀ। ਘਟਨਾ ਤੋਂ ਪਹਿਲਾਂ, ਉਨ੍ਹਾਂ ਨੇ ਹੋਰ ਦਿਨਾਂ ਦੀ ਤਰ੍ਹਾਂ ਰਾਤ ਦਾ ਖਾਣਾ ਖਾਧਾ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਡੀਐਮਸੀਐਚ ਵਿਖੇ ਮੌਜੂਦ ਹਨ। 'ਆਪ' ਵਿਧਾਇਕ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਡੀਸੀਪੀ ਜਸਕਰਨ ਸਿੰਘ ਤੇਜਾ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਜਾਵੇਗਾ। 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਹੈ।

ਵਿਧਾਇਕ ਗੋਗੀ ਦੀ ਮੌਤ ਦੀ ਪੁਸ਼ਟੀ ਲੁਧਿਆਣਾ 'ਆਪ' ਜ਼ਿਲ੍ਹਾ ਪ੍ਰਧਾਨ ਸ਼ਰਣਪਾਲ ਸਿੰਘ ਮੱਕੜ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਕੀਤੀ ਹੈ। ਵਿਧਾਇਕ ਨੂੰ ਗੋਲੀ ਲੱਗਣ ਦੀ ਖ਼ਬਰ ਮਿਲਦਿਆਂ ਹੀ ਕਮਿਸ਼ਨਰ ਚਾਹਲ ਵੀ ਹਸਪਤਾਲ ਪਹੁੰਚ ਗਏ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ ਕਿ ਵਿਧਾਇਕ ਬੱਸੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਨ੍ਹਾਂ ਦੀ ਮੌਤ ਅਚਾਨਕ ਗੋਲੀ ਲੱਗਣ ਕਾਰਨ ਹੋਈ ਹੈ।