Ludhiana News: ਲੁਧਿਆਣਾ ਦੇ ਸਿਵਲ ਹਸਪਤਾਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਹਸਪਤਾਲ 'ਚ ਡਿਊਟੀ 'ਤੇ ਮੌਜੂਦ ਡਾਕਟਰ ਦੀ 5-6 ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਨ੍ਹਾਂ ਲੋਕਾਂ ਨੇ ਡਾਕਟਰ ਦੇ ਕੱਪੜੇ ਵੀ ਪਾੜ ਦਿੱਤੇ। ਪਤਾ ਲੱਗਾ ਹੈ ਕਿ ਜਦੋਂ ਡਾਕਟਰ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿੱਚੋਂ ਇੱਕ ਨੇ ਉਸ ਦੇ ਹੱਥ ਉੱਪਰ ਦੰਦੀ ਵੱਢ ਦਿੱਤੀ। ਉਹ ਬਚਾਅ ਲਈ ਆਏ ਸੁਰੱਖਿਆ ਗਾਰਡਾਂ ਤੇ ਪੁਲਿਸ ਮੁਲਾਜ਼ਮਾਂ ਨਾਲ ਵੀ ਭਿੜ ਗਏ। 



ਹਮਲਾਵਰਾਂ ਨੇ ਹਸਪਤਾਲ ਵਿੱਚ ਡਾਕਟਰ ਦੇ ਮੇਜ਼ ਤੇ ਕੈਬਿਨ ਦੇ ਬਾਹਰ ਲੱਗੇ ਸ਼ੀਸ਼ੇ ਵੀ ਤੋੜ ਦਿੱਤੇ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਬਾਰੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਸੋਹਣ ਸਿੰਘ ਵਾਸੀ ਧਾਂਧਰਾਂ ਰੋਡ, ਰਾਜਵੀਰ ਸਿੰਘ ਵਾਸੀ ਚੀਮਾ ਪਿੰਡ ਜਗਰਾਉਂ ਤੇ ਸੰਦੀਪ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ਵਜੋਂ ਹੋਈ ਹੈ।


ਇਸ ਬਾਰੇ ਡਾ. ਚਰਨਕਮਲ (ਫੋਰੈਂਸਿਕ ਮਾਹਿਰ) ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਵਿੱਚ ਬਤੌਰ ਮੈਡੀਕਲ ਅਫ਼ਸਰ ਤਾਇਨਾਤ ਹਨ। ਹਸਪਤਾਲ ਵਿੱਚ ਐਮਰਜੈਂਸੀ ਦੇ ਅੰਦਰ ਨੋਡਲ ਅਫ਼ਸਰ ਵਜੋਂ ਡਿਊਟੀ ਦੇ ਰਹੇ ਸਨ। ਤਿੰਨੇ ਮੁਲਜ਼ਮ ਰਾਤ ਕਰੀਬ 12 ਵਜੇ ਉਸ ਕੋਲ ਮੈਡੀਕਲ ਕਰਵਾਉਣ ਆਏ ਸਨ ਜਿਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ।


ਐਮਰਜੈਂਸੀ ਵਿੱਚ ਆ ਕੇ ਮੁਲਜ਼ਮਾਂ ਨੇ ਪਹਿਲਾਂ ਸੁਰੱਖਿਆ ਗਾਰਡਾਂ ਦੀ ਕੁੱਟਮਾਰ ਕੀਤੀ ਤੇ ਡਾਕਟਰ ਦੇ ਕਮਰੇ ਵਿੱਚ ਜਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਸਮਝਾਉਣ ਲਈ ਗਿਆ, ਪਰ ਉਨ੍ਹਾਂ ਨੇ ਗੱਲ ਸੁਣਨ ਦੀ ਬਜਾਏ ਉਸ ਨੂੰ ਹੀ ਗਲ਼ ਤੋਂ ਫੜ੍ਹ ਲਿਆ ਤੇ ਉਸ ਦੀ ਪਾਈ ਕਮੀਜ਼ ਦੇ ਬਟਨ ਤੋੜ ਦਿੱਤੇ।