Ludhiana News: ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਹਾਈਕੋਰਟ ਖਿਲਾਫ ਟਿੱਪਣੀ ਮਹਿੰਗੀ ਪੈ ਗਈ ਹੈ। ਲੁਧਿਆਣਾ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਹਾਈਕੋਰਟ ਵੱਲੋਂ ਵਰੰਟ ਜਾਰੀ ਕਰਨ ਮਗਰੋਂ ਕੀਤੀ ਹੈ। ਇਸ ਦੇ ਨਾਲ ਹੀ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈ ਕੋਰਟ ਖ਼ਿਲਾਫ਼ ਟਿੱਪਣੀ ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਮਾਮਲੇ ’ਚ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਈ ਕੋਰਟ ਵੱਲੋਂ ਮੁਲਜ਼ਮ ਖ਼ਿਲਾਫ਼ ਵਾਰੰਟ ਜਾਰੀ ਕਰਦਿਆਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਸਨ। ਹਾਸਲ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 


ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਹੋਏ ਵਿਵਾਦ ਮਗਰੋਂ ਬਲਵਿੰਦਰ ਸੇਖੋਂ ਸੁਰਖੀਆਂ ’ਚ ਆਇਆ ਸੀ। ਇਸ ਮਗਰੋਂ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਇੱਕ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀ ਕੀਤੀ ਗਈ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਾਰਵਾਈ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹਾਈ ਕੋਰਟ ਤੋਂ ਵਾਰੰਟ ਹਾਸਲ ਹੋਣ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਕੌਣ ਹੈ ਬਲਵਿੰਦਰ ਸਿੰਘ ਸੇਖੋਂ?


ਉਸ ਸਮੇਂ ਦੇ ਡੀਜੀਪੀ ਦਿਨਕਰ ਗੁਪਤਾ ਦੇ ਕਾਰਜਕਾਲ ਦੌਰਾਨ ਡਿਪਟੀ ਸੁਪਰਡੈਂਟ ਆਫ਼ ਪੁਲਿਸ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਦੀ ਬਰਖਾਸਤਗੀ ਇਸ ਆਧਾਰ 'ਤੇ ਕੀਤੀ ਗਈ ਸੀ ਕਿ "ਉਸ ਨੇ ਅਨੁਸ਼ਾਸਿਤ ਫੋਰਸ ਦਾ ਮੈਂਬਰ ਹੁੰਦਿਆਂ ਸੋਸ਼ਲ ਮੀਡੀਆ ਰਾਹੀਂ ਸਰਕਾਰ ਵਿਰੁੱਧ ਕੋਝਾ ਟਿੱਪਣੀਆਂ ਕੀਤੀਆਂ ਸਨ"। ਉਪਲਬਧ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਕੁਝ ਵੀਡੀਓਜ਼ ਨਾ ਸਿਰਫ਼ ਨਿਆਂਪਾਲਿਕਾ, ਬਲਕਿ ਗੁਪਤਾ ਅਤੇ ਇੱਕ ਹੋਰ ਪੁਲਿਸ ਅਧਿਕਾਰੀ ਦੇ ਵਿਰੁੱਧ ਵੀ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।