Ludhiana News: ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜ਼ਮੀਨਾਂ ਦਾ ਕਬਜ਼ਾਂ ਲੈਣ ਪਹੁੰਚੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀ ਟੀਮ ਨੂੰ ਕਿਸਾਨਾਂ ਨੇ ਬਰੰਗ ਮੋੜ ਦਿੱਤਾ। ਕਿਸਾਨਾਂ ਨੇ ਮਸ਼ੀਨਰੀ ਕਬਜ਼ੇ ਹੇਠ ਲੈ ਲਈ ਤੇ ਜ਼ੋਰਦਾਰ ਵਿਰੋਧ ਕੀਤਾ। ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਹੀ ਮੁਆਵਜ਼ਾ ਨਹੀਂ ਮਿਲਦਾ, ਜ਼ਮੀਨਾਂ ਵਿੱਚ ਪੈਰ ਨਹੀਂ ਧਰਨ ਦੇਣਗੇ।
ਹਾਸਲ ਜਾਣਕਾਰੀ ਮੁਤਾਬਕ ਮੰਡੀ ਅਹਿਮਦਗੜ੍ਹ ਦੀ ਹੱਦ ਨਾਲ ਲੱਗਦੇ ਪਿੰਡਾਂ ਛਪਾਰ ਤੇ ਧੂਲਕੋਟ ਵਿੱਚ ਅੱਜ ਤੜਕਸਾਰ, ਜਦੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀਆਂ ਟੀਮਾਂ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਅਗਵਾਈ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜ਼ਮੀਨਾਂ ਦਾ ਕਬਜ਼ਾਂ ਲੈਣ ਆ ਪਹੁੰਚੀਆਂ ਤਾਂ ਕਿਸਾਨ ਜਥੇਬੰਦੀਆਂ ਨੇ ਭਾਰੀ ਪੁਲਿਸ ਫੋਰਸ ਤੇ ਜੇਸੀਬੀ ਮਸ਼ੀਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਪਾ ਦਿੱਤੀਆਂ।
ਇਸ ਤੋਂ ਬਾਅਦ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਮੌਕੇ ’ਤੇ ਪਹੁੰਚ ਗਏ ਤੇ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਕਾਰਨ ਪੁਲਿਸ ਤੇ ਅਧਿਕਾਰੀਆਂ ਨੂੰ ਖਾਲ੍ਹੀ ਮੁੜਨਾ ਪਿਆ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਲਿਆਂਦੀ ਸਾਰੀ ਮਸ਼ੀਨਰੀ ਕਬਜ਼ੇ ਵਿੱਚ ਲੈ ਲਈ। ਕਿਸਾਨ ਘੱਟ ਮੁਆਵਜ਼ਾ ਦੇਣ ਦੇ ਇਲਜ਼ਾਮ ਲਾ ਕੇ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਦੇ ਰਹੇ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ (ਪੱਛਮੀ) ਦੀ ਐਸਡੀਐਮ ਸਵਾਤੀ ਟਿਵਾਣਾ ਦੀ ਅਗਵਾਈ ਵਿੱਚ ਅਧਿਕਾਰੀਆਂ ਤੇ ਕੇਂਦਰੀ ਏਜੰਸੀ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਸਮਝਾ ਕੇ ਜ਼ਮੀਨ ਐਕੁਆਇਰ ਕਰਨ ਵਿੱਚ ਸਹਿਯੋਗ ਦੇਣ ਲਈ ਕਿਹਾ ਪਰ ਕਿਸਾਨ ਇਸ ਗੱਲ ’ਤੇ ਅੜੇ ਰਹੇ ਕਿ ਜਦੋਂ ਤੱਕ ਭਾਰਤ ਮਾਲਾ ਯੋਜਨਾ ਅਧੀਨ ਉਸਾਰੀ ਜਾ ਰਹੀ ਇਸ ਸੜਕ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਉਨ੍ਹਾਂ ਦੀਆਂ ਸਾਰੀਆਂ ਸ਼ਰਤਾਂ ਨਹੀਂ ਮੰਨੀਆਂ ਜਾਂਦੀਆਂ ਤੇ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਸ ਵੇਲੇ ਤੱਕ ਉਹ ਜ਼ਮੀਨਾਂ ਦਾ ਕਬਜ਼ਾ ਨਹੀਂ ਲੈਣ ਦੇਣਗੇ। ਕਿਸਾਨਾਂ ਨੇ ਜੇਸੀਬੀ ਮਸ਼ੀਨਾਂ ਅੱਗੇ ਟਰੈਕਟਰ ਲਗਾ ਕੇ ਰਸਤਾ ਰੋਕਣ ਦੀ ਕੋਸ਼ਿਸ਼ ਵੀ ਕੀਤੀ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਨੀ ਤੇ ਸੜਕ ਸੰਘਰਸ਼ ਕਮੇਟੀ ਦੇ ਪ੍ਰਧਾਨ ਬਿਕਰਜੀਤ ਸਿੰਘ ਕਾਲਖ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਕੀਤੇ ਵਾਅਦੇ ਦੇ ਬਾਵਜੂਦ ਪ੍ਰਸ਼ਾਸਨ ਨਿੱਤ ਕਿਸਾਨਾਂ ਦੀਆਂ ਫਸਲਾਂ ਦੀ ਬਰਬਾਦੀ ਕਰਵਾ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਰੋਸ ਹੈ। ਸੁਦਾਗਰ ਘੁਡਾਨੀ ਨੇ ਚਿਤਾਵਨੀ ਦਿੱਤੀ ਕਿ ਜੇ ਜ਼ਬਰਦਸਤੀ ਜ਼ਮੀਨਾਂ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ ਕੀਤੀ ਤਾਂ ਇੱਥੇ ਵੀ ਪੱਕਾ ਮੋਰਚਾ ਲਗਾਇਆ ਜਾਵੇਗਾ