Ludhiana News: ਪੰਜਾਬ ਅੰਦਰ ਹੀ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕੀਤਾ ਜਾ ਰਿਹਾ ਹੈ। ਇੱਕ ਪਾਸੇ ਪ੍ਰਾਈਵੇਟ ਸਕੂਲਾਂ ਅੰਦਰ ਅੰਗਰੇਜ਼ੀ ਤੇ ਹਿੰਦੀ ਦਾ ਬੋਲਬਾਲਾ ਹੈ ਤਾਂ ਦੂਜੇ ਪਾਸੇ ਸਰਕਾਰੀ ਕਾਰਜਾਂ ਵਿੱਚ ਵੀ ਹਿੰਦੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੀ ਮਿਸਾਲ ਲੁਧਿਆਣਾ ਵਿੱਚ ਵੇਖਣ ਮਿਲੀ ਜਦੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਲੱਗੇ ਕੰਧ ਚਿਤਰਾਂ ’ਚੋਂ ਪੰਜਾਬੀ ਗਾਇਬ ਰਹੀ। 




ਉਧਰ, ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਤਪਰ ਸੰਸਥਾ ‘ਪੰਜਾਬੀ ਭਾਸ਼ਾ ਪਸਾਰ ਭਾਈਚਾਰਾ’ ਨੇ ਇਨ੍ਹਾਂ ਕੰਧ ਚਿਤਰਾਂ ’ਤੇ ਪੰਜਾਬੀ ਭਾਸ਼ਾ ਨੂੰ ਬਣਦਾ ਥਾਂ ਨਾ ਦੇਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਭਾਈਚਾਰੇ ਵੱਲੋਂ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪੇ ਗਏ ਹਨ।


ਦੱਸ ਦਈਏ ਕਿ ਪੰਜਾਬੀ ਭਾਸ਼ਾ ਭਾਈਚਾਰੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀਆਂ ਵੱਖ ਵੱਖ ਸੜਕਾਂ, ਚੌਕਾਂ ਤੇ ਪੁਲਾਂ ’ਤੇ ਲਾਏ ਦਿਸ਼ਾ-ਨਿਰਦੇਸ਼ਾਂ ਵਾਲੇ ਬੋਰਡਾਂ ’ਤੇ ਵੀ ਹੋਰਨਾਂ ਭਾਸ਼ਾਵਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲ ਚੁੱਕਾ ਹੈ। ਹੁਣ ਲੱਕੜ ਪੁਲ ਦੀ ਥਾਂ ਬਣੇ ਨਵੇਂ ਪੁਲ ਦੀਆਂ ਕੰਧਾਂ ’ਤੇ ਬਣੇ ਚਿੱਤਰਾਂ ਨਾਲ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਲਿਖਤ ਲਿਖੀ ਗਈ ਹੈ। 



ਇਸ ’ਤੇ ਇਤਰਾਜ਼ ਪ੍ਰਗਟਾਉਂਦਿਆਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੰਚਾਲਕ ਮਹਿੰਦਰ ਸਿੰਘ ਸੇਖੋਂ ਨੇ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਹਨ। ਪੱਤਰ ਵਿੱਚ ਸ੍ਰੀ ਸੇਖੋਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 04-07-2022 ਨੂੰ ਜਾਰੀ ਹੁਕਮ ਨੰ. 6/41/19-2 ਸਿੱ.ਸੈੱਲ/752 ਦਾ ਵੀ ਹਵਾਲਾ ਦਿੱਤਾ ਹੈ ਜਿਸ ਰਾਹੀਂ ਸਾਰੇ ਸਰਕਾਰੀ ਦਫ਼ਤਰਾਂ ਨੂੰ ਅਦਾਰਿਆਂ ਦੇ ਨਾਵਾਂ ਦੇ ਨਾਲ ਨਾਲ ਸਾਰੇ ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਲਈ ਆਖਿਆ ਗਿਆ ਸੀ।


 ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੁਤਾਹੀ ਨੂੰ ਫੌਰਨ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਲੋਧੀ ਕਲੱਬ ਰੋਡ, ਸ਼ੇਰਪੁਰ ਪੁਲ ਸਣੇ ਹੋਰ ਥਾਵਾਂ ’ਤੇ ਵੀ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕੀਤਾ ਗਿਆ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।