Khanna Police : ਪੰਜਾਬ ਪੁਲਿਸ ਛੇਵੇਂ ਦਿਨ ਵੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਆਪ੍ਰੇਸ਼ਨ ਅੰਮ੍ਰਿਤਪਾਲ ਵਿਚਕਾਰ ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਅਤੇ ਸਮਰਥਕਾਂ ਨੂੰ ਲਗਾਤਾਰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਨ 'ਚ ਚੱਕਾ ਜਾਮ ਕਰਨ ਦੀ ਯੋਜਨਾ ਬਣਾ ਰਹੇ ਉਸਦੇ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਐਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਟੈਲੀਜੈਂਸ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਸਿਰਥਲਾ ਦਾ ਰਹਿਣ ਵਾਲਾ ਕੁਲਵਿੰਦਰ ਸਿੰਘ ਅੰਮ੍ਰਿਤਪਾਲ ਦੇ ਸਮਰਥਨ 'ਚ ਚੱਕਾ ਜਾਮ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਲੋਕਾਂ ਨੂੰ ਸੁਨੇਹੇ ਲਗਾ ਰਿਹਾ ਹੈ। ਇਸ ਉਪਰ ਕਾਰਵਾਈ ਕਰਦੇ ਹੋਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਸਡੀਐਮ ਦੀ ਅਦਾਲਤ 'ਚ ਪੇਸ਼ ਕਰਕੇ 15 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ।
ਪੁਲਿਸ ਸੂਤਰਾਂ ਦੀ ਮੰਨੀਏ ਤਾਂ ਉਹ ਪੰਜਾਬ ਤੋਂ ਭੱਜ ਗਿਆ ਹੈ। ਪੁਲਿਸ ਨੂੰ ਉਸ ਦੇ ਉੱਤਰਾਖੰਡ ਵਿੱਚ ਹੋਣ ਦਾ ਸ਼ੱਕ ਹੈ। ਪੁਲਿਸ ਨੇ ਅੱਜ ਅੰਮ੍ਰਿਤਪਾਲ ਦੇ ਗੰਨਮੈਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਹਰ ਸਮੇਂ ਅੰਮ੍ਰਿਤਪਾਲ ਨਾਲ ਰਹਿੰਦਾ ਸੀ। ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਗਿੱਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਸ ਦਾ ਆਪ੍ਰੇਸ਼ਨ ਅੰਮ੍ਰਿਤਪਾਲ ਲਗਾਤਾਰ ਜਾਰੀ ਹੈ। ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਾਹਕੋਟ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਫਰਾਰ ਹੋਣ ਵਿਚ ਵਰਤੇ ਗਏ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਸਨ। ਬਰਾਮਦ ਕੀਤੇ ਗਏ ਮੋਟਰਸਾਈਕਲਾਂ ਵਿੱਚੋਂ ਇਕ ਬੁਲੇਟ ਮੋਟਰਸਾਈਕਲ ਅਤੇ ਇਕ ਸਪਲੈਂਡਰ ਬਾਈਕ ਹੈ, ਜੋ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਬੰਦੂਕ ਦੀ ਨੋਕ 'ਤੇ ਕਿਸੇ ਕੋਲੋਂ ਖੋਹ ਲਿਆ ਸੀ।